
ਚੰਡੀਗੜ੍ਹ, 10 ਫਰਵਰੀ 2026: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮਾਂ ਅਤੇ ਯਾਤਰਾਵਾਂ ਚਲਾ ਰਹੀ ਹੈ, ਪਰ ਸਰਕਾਰ ਦੀ ਸਫਲਤਾ ਤੋਂ ਘਬਰਾਹਟ ਵਿੱਚ ਰਾਜਪਾਲ ਵੱਲੋਂ ਸ਼ੁਰੂ ਕੀਤੀ ਗਈ ਵੱਖਰੀ ਯਾਤਰਾ ਦੇ ਤਰੀਕੇ ਅਤੇ ਇਸ ਵਿੱਚ ਸ਼ਾਮਲ ਚਿਹਰੇ ਕਈ ਗੰਭੀਰ ਸਵਾਲ ਪੈਦਾ ਕਰਦੇ ਹਨ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਨਸ਼ਾ ਵਿਰੋਧੀ ਪਹਿਲ ਦਾ ਵਿਰੋਧ ਨਹੀਂ ਕਰਦੀ ਅਤੇ ਚਾਹੁੰਦੀ ਹੈ ਕਿ ਹਰ ਵਰਗ ਇਸ ਲੜਾਈ ਵਿੱਚ ਸ਼ਾਮਲ ਹੋਵੇ, ਪਰ ਰਾਜਪਾਲ ਵੱਲੋਂ ਉਹਨਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜਾਬ ਵਿੱਚ ਨਸ਼ਾ ਫੈਲਾਉਣ ਦੇ ਜ਼ਿੰਮੇਵਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਯਾਤਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਆਗੂ ਅਸ਼ਵਨੀ ਸ਼ਰਮਾ ਵਰਗੇ ਨੇਤਾ ਸ਼ਾਮਲ ਹੋਣ, ਉਹ ਯਾਤਰਾ ਨਸ਼ਿਆਂ ਦੇ ਖ਼ਾਤਮੇ ਦੀ ਥਾਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਜਾਪਦੀ ਹੈ।
ਧਾਲੀਵਾਲ ਨੇ ਕਿਹਾ ਕਿ ਰਾਜਪਾਲ ਸਾਹਿਬ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇਹ ਵਿਚਾਰ ਕਰਨਾ ਚਾਹੀਦਾ ਸੀ ਕਿ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਨਸ਼ਿਆਂ ਦੇ ‘ਛੇਵੇਂ ਦਰਿਆ’ ਦੀ ਸ਼ੁਰੂਆਤ ਕਿਸ ਨੇ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ 2007 ਤੋਂ 2017 ਤੱਕ ਜਿਨ੍ਹਾਂ ਦੀ ਸਰਕਾਰ ਰਹੀ, ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹਾਂ ਮਜ਼ਬੂਤ ਕੀਤੀਆਂ ਅਤੇ ਅੱਜ ਉਹੀ ਲੋਕ ਰਾਜਪਾਲ ਨਾਲ ਮੰਚ ਸਾਂਝਾ ਕਰ ਰਹੇ ਹਨ। ਇਹ ਉਹੀ ਤਾਕਤਾਂ ਹਨ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਨਸ਼ਾ ਤਸਕਰਾਂ ਨੂੰ ਸਿਆਸੀ ਪਨਾਹ ਦਿੱਤੀ।
‘ਆਪ’ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਜਿਨ੍ਹਾਂ ਤਾਕਤਾਂ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕੀਤਾ, ਉਹ ਕਿਸ ਹੱਕ ਨਾਲ ਨਸ਼ਿਆਂ ਵਿਰੁੱਧ ਯਾਤਰਾ ਕੱਢ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਅਜਿਹੀਆਂ ਹੀ ਤਾਕਤਾਂ ਨੂੰ ਅਣਜਾਣੇ ਵਿੱਚ ਉਤਸ਼ਾਹ ਦੇ ਰਹੇ ਹਨ, ਜਿਨ੍ਹਾਂ ਨੇ ਪੰਜਾਬ ਦੇ ਭਵਿੱਖ ਨੂੰ ਹਨੇਰੇ ਵੱਲ ਧੱਕਿਆ।
ਧਾਲੀਵਾਲ ਨੇ ਅੱਗੇ ਕਿਹਾ ਕਿ ਜੇਕਰ ਰਾਜਪਾਲ ਸੱਚਮੁੱਚ ਗੰਭੀਰ ਹਨ ਤਾਂ ਉਨ੍ਹਾਂ ਨੂੰ ਉਹਨਾਂ ਲੋਕਾਂ, ਸੰਸਥਾਵਾਂ ਅਤੇ ਸੰਗਠਨਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਜੋ ਕਈ ਸਾਲਾਂ ਤੋਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਮਾਨਦਾਰ ਅਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਾਡੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਇਸ ਦਿਸ਼ਾ ਵਿੱਚ ਠੋਸ ਅਤੇ ਫੈਸਲਾਕੁੰਨ ਕਦਮ ਚੁੱਕੇ ਜਾ ਰਹੇ ਹਨ।
ਆਖ਼ਰ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਜਪਾਲ ਦੀ ਯਾਤਰਾ ਵਿੱਚ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਦੀ ਮੌਜੂਦਗੀ ਬਹੁਤ ਨਿਰਾਸ਼ਾਜਨਕ ਹੈ। ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਉਹ ਜਾਣਦੀ ਹੈ ਕਿ ਕੌਣ ਨਸ਼ਿਆਂ ਵਿਰੁੱਧ ਸੱਚੀ ਲੜਾਈ ਲੜ ਰਿਹਾ ਹੈ ਅਤੇ ਕੌਣ ਨਸ਼ਾ ਤਸਕਰਾਂ ਦੇ ਸਿਆਸੀ ਸਹਾਇਕਾਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰੱਖੇਗੀ, ਪਰ ਨਸ਼ਾ ਤਸਕਰਾਂ ਦੇ ਸਿਆਸੀ ਆਕਾਵਾਂ ਨਾਲ ਮਿਲ ਕੇ ਕੱਢੀ ਜਾਣ ਵਾਲੀ ਕਿਸੇ ਵੀ ਯਾਤਰਾ ਨੂੰ ਪੰਜਾਬ ਦੇ ਲੋਕ ਕਦੇ ਸਵੀਕਾਰ ਨਹੀਂ ਕਰਨਗੇ।
