
ਬਰਨਾਲਾ, 16 ਫਰਵਰੀ 2026: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਬਰਨਾਲਾ ਦਾ ਅਚਾਨਕ ਦੌਰਾ ਕਰਦੇ ਹੋਏ “ਮੁੱਖ ਮੰਤਰੀ ਸਿਹਤ ਯੋਜਨਾ” ਅਧੀਨ ਚੱਲ ਰਹੀ ਰਜਿਸਟ੍ਰੇਸ਼ਨ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਰੋਜ਼ 21 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਹਾਜ਼ਰ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ ‘ਤੇ ਹੀ ਸਿਹਤ ਕਾਰਡ ਤਿਆਰ ਕੀਤੇ ਜਾ ਰਹੇ ਹਨ, ਜਿਸ ਕਾਰਨ ਲਗਭਗ 70 ਫੀਸਦੀ ਮਰੀਜ਼ਾਂ ਦਾ ਇਲਾਜ ਬਿਨਾਂ ਖਰਚੇ ਦੇ ਹੋ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ ਦੇ ਦਾਖਲੇ ਤੋਂ ਲੈ ਕੇ ਡਿਸਚਾਰਜ ਤੱਕ ਦੀਆਂ ਸਾਰੀਆਂ ਦਵਾਈਆਂ, ਲੈਬ ਟੈਸਟ ਅਤੇ ਸਰਜਰੀਆਂ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਸਨੂੰ ਇਕ ਵਿਲੱਖਣ ਅਤੇ ਲੋਕ-ਹਿਤੈਸ਼ੀ ਸਿਹਤ ਪਹੁੰਚ ਕਿਹਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਨਾਲ ਪੜ੍ਹੇ-ਲਿਖੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਉਪਲਬਧ ਹੋ ਰਹੇ ਹਨ। ਨੌਜਵਾਨ ਸਬ-ਆਪਰੇਟਰ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜ ਕੇ ਰਜਿਸਟ੍ਰੇਸ਼ਨ ਕੰਮ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਨੂੰ ਤਜਰਬੇ ਦੇ ਆਧਾਰ ‘ਤੇ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਭਵਿੱਖ ਵਿੱਚ ‘ਸਿਹਤ ਮਿੱਤਰ’ ਜਾਂ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਸਮੇਂ ਤਰਜੀਹ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ‘ਤੇ ਆਸਾਨੀ ਨਾਲ ਕਾਰਡ ਬਣਵਾ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 15 ਹਜ਼ਾਰ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।
ਅੰਤ ਵਿੱਚ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਅਤੇ ਕੰਮ ਦੀ ਗਤੀ ਹੋਰ ਵਧਾਈ ਜਾਵੇ, ਤਾਂ ਜੋ ਹਰ ਯੋਗ ਵਿਅਕਤੀ ਤੱਕ ਸਕੀਮ ਦਾ ਲਾਭ ਪਹੁੰਚ ਸਕੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈਪੀਐੱਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈਏਐੱਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਪੀਸੀਐੱਸ, ਐੱਸਡੀਐੱਮ ਤਪਾ ਆਯੂਸ਼ ਗੋਇਲ ਆਈਏਐੱਸ, ਐੱਸਡੀਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਪੀਸੀਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਅਤੇ ਯੂਥ ਕੋਆਰਡੀਨੇਟਰ ਹਾਜ਼ਰ ਰਹੇ।
