Wednesday, July 29Punjabi People

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 28ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਵਾਂ ‘ਤੇ ਛਾਪੇ, 156 ਵਿਅਕਤੀ ਕਾਬੂ

ਚੰਡੀਗੜ੍ਹ, 17 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਤ ਪਛਾਣੇ ਅਤੇ ਨਕਸ਼ੇਬੰਦੀ ਕੀਤੇ 630 ਥਾਵਾਂ ‘ਤੇ ਛਾਪੇ ਮਾਰੇ।

ਇਹ ਮੁਹਿੰਮ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ, ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਇਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਅਭਿਆਨ ਚਲਾ ਰਹੀਆਂ ਹਨ।

ਅੱਜ ਦੀ ਕਾਰਵਾਈ ਦੌਰਾਨ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 9,782 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 88 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਦਮ ਚੁੱਕੇ ਗਏ, ਜਦਕਿ 190 ਵਿਅਕਤੀਆਂ ਨੂੰ ਪੁੱਛਗਿੱਛ ਮਗਰੋਂ ਰਿਹਾ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਪਤ ਤੌਰ ‘ਤੇ ਅਪਰਾਧੀਆਂ ਜਾਂ ਗੈਂਗਸਟਰਾਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕਰ ਸਕਦੇ ਹਨ।

ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 353ਵੇਂ ਦਿਨ ਵੀ ਪੁਲਿਸ ਨੇ ਆਪਣੀ ਕਾਰਵਾਈ ਜਾਰੀ ਰੱਖਦਿਆਂ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 2.1 ਕਿਲੋ ਹੈਰੋਇਨ, 92 ਕਿਲੋ ਭੁੱਕੀ, 720 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ ਸਿਰਫ 353 ਦਿਨਾਂ ਵਿੱਚ ਕੁੱਲ 49,974 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਨਸ਼ਾ ਮੁਕਤੀ ਉਪਰਾਲਿਆਂ ਦੇ ਤਹਿਤ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਤਿਆਰ ਕੀਤਾ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

Leave a Reply

Your email address will not be published. Required fields are marked *