Saturday, May 23Punjabi People

ਪੰਜਾਬ ਸਰਕਾਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਆਧੁਨਿਕ ਹੋਸਟਲ ਬਣਾਉਣ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਲਈ ਬਣਾਏ ਜਾਣ ਵਾਲੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉੱਚ ਸਿੱਖਿਆ ਦੇ ਢਾਂਚਾਗਤ ਵਿਕਾਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਹਰ ਹਿੱਸੇ ਤੋਂ ਆਉਣ ਵਾਲੀਆਂ ਵਿਦਿਆਰਥਣਾਂ ਲਈ ਸੁਰੱਖਿਅਤ ਤੇ ਗੁਣਵੱਤਾਪੂਰਨ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਹੋਸਟਲ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਲਕਸ਼ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਦੂਰ-ਦੁਰਾਡੇ ਇਲਾਕਿਆਂ ਤੋਂ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਰਿਹਾਇਸ਼ ਸੰਬੰਧੀ ਵੱਡੀ ਰਾਹਤ ਮਿਲੇਗੀ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਾਲਜ ਵਿੱਚ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ, ਜੋ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਵੇਗੀ।

ਸੂਬੇ ਦੇ ਸਰਬਪੱਖੀ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਹਰ ਖੇਤਰ ਵਿੱਚ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਵੱਲੋਂ ਰਹਾਇਸ਼ੀ ਸਹੂਲਤਾਂ ਦੀ ਘਾਟ ਬਾਰੇ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪੀ.ਐਮ.-ਊਸ਼ਾ ਸਕੀਮ ਅਧੀਨ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ। ਹੋਸਟਲ ਵਿੱਚ 122 ਵਿਦਿਆਰਥਣਾਂ ਲਈ ਰਹਿਣ ਦੀ ਸੁਵਿਧਾ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਖਦਾਇਕ ਮਾਹੌਲ ਮਿਲੇਗਾ।

ਰੁਜ਼ਗਾਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨਾਲ ਲੋਕਾਂ ਦਾ ਭਰੋਸਾ ਵਧਿਆ ਹੈ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਵਿੱਚ ਕਮੀ ਆਈ ਹੈ।

ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਦੱਸਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਜਾਰੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਇਸ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਖੇਤਰ ਦੀਆਂ ਵਿਦਿਆਰਥਣਾਂ ਨੂੰ ਵੱਡਾ ਲਾਭ ਮਿਲੇਗਾ।

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ. ਅਮਰ ਇੰਦਰ ਸਿੰਘ ਦੇ ਸਵਾਗਤੀ ਸੰਬੋਧਨਾਂ ਨਾਲ ਹੋਈ, ਜਿਨ੍ਹਾਂ ਨੇ ਸਿੱਖਿਆ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਪ੍ਰਸ਼ੰਸਾ ਕੀਤੀ।

ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਨੇ ਕੈਂਪਸ ਵਿੱਚ ਹੋ ਰਹੇ ਕਿੱਕਬਾਕਸਿੰਗ ਮੁਕਾਬਲੇ ਵੀ ਵੇਖੇ, ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿੱਚਵਾਈਆਂ।

ਸਮਾਗਮ ਵਿੱਚ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਸਮੇਤ ਕਈ ਪ੍ਰਸ਼ਾਸਨਿਕ ਅਤੇ ਸਿਆਸੀ ਹਸਤੀਆਂ ਹਾਜ਼ਰ ਸਨ।

Leave a Reply

Your email address will not be published. Required fields are marked *