
ਕਪੂਰਥਲਾ/ਚੰਡੀਗੜ੍ਹ, 22 ਫਰਬਰੀ 2026: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚੋਂ ਕਈ ਪਰਿਵਾਰ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਨਾਲ ਪਾਰਟੀ ਦਾ ਜਥੇਬੰਦੀ ਅਧਾਰ ਮਜ਼ਬੂਤ ਹੋ ਰਿਹਾ ਹੈ ਅਤੇ ਲੋਕਾਂ ਵਿਚ ਸਰਕਾਰ ਦੀਆਂ ਨੀਤੀਆਂ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਲਾਰੇ-ਲੱਪੇ ਅਤੇ ਵਾਅਦਿਆਂ ਤੱਕ ਸੀਮਿਤ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁਣ ਕਾਰਗੁਜ਼ਾਰੀ ਦੇ ਆਧਾਰ ‘ਤੇ ਫੈਸਲੇ ਕਰ ਰਹੇ ਹਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਆਪਣੀ ਮੋਹਰ ਲਗਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਲੋਕ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਉਸ ਤੋਂ ਸਾਫ਼ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕ-ਕੇਂਦਰਿਤ ਸਰਕਾਰ ਬਣੀ ਹੈ ਜੋ ਆਮ ਜਨਤਾ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਮੌਕੇ ‘ਤੇ ਹੱਲ ਮੁਹੱਈਆ ਕਰਵਾ ਰਹੀ ਹੈ।
ਲੁਬਾਣਾ ਨੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਆਰਥਿਕ ਤੌਰ ‘ਤੇ ਪਰੇਸ਼ਾਨ ਰਹਿੰਦੇ ਸਨ, ਜਦਕਿ ਅੱਜ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ ਅਤੇ ਘਰੇਲੂ ਖਰਚਾਂ ਵਿੱਚ ਕਮੀ ਆਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕੀਤੇ ਗਏ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਸਿਰਫ਼ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਨਾਲ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਵਧੀ ਹੈ।
ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ‘ਤੇ ਨਿਰਭਰ ਨਹੀਂ ਰਹਿਣਾ ਪੈਂਦਾ। ਹੁਣ ਉੱਚ-ਮਿਆਰੀ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਲ ਰਹੀ ਹੈ। ਇਸ ਦੇ ਨਾਲ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਨੂੰ ਵੀ ਜਲਦ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਘਰੇਲੂ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧੇਗੀ।
ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਲੁਬਾਣਾ ਨੇ ਕਿਹਾ ਕਿ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਸਰਕਾਰੀ ਸਕੂਲਾਂ ਦੇ ਢਾਂਚੇ, ਸਹੂਲਤਾਂ ਅਤੇ ਪਾਠਨ-ਪਾਠਨ ਦੇ ਮਿਆਰ ਨੂੰ ਇਸ ਤਰ੍ਹਾਂ ਉੱਚਾ ਕੀਤਾ ਜਾ ਰਿਹਾ ਹੈ ਕਿ ਉਹ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣ ਸਕਣ, ਤਾਂ ਜੋ ਗਰੀਬ ਤੋਂ ਗਰੀਬ ਪਰਿਵਾਰ ਦਾ ਬੱਚਾ ਵੀ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਸੰਵਾਰ ਸਕੇ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਹਕੀਕਤੀ ਸੁਧਾਰ ਲਿਆਉਣਾ ਹੈ ਅਤੇ ਇਹ ਯਤਨ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਜਾਰੀ ਰਹੇਗਾ।
