Saturday, May 23Punjabi People

ਮਾਨ ਸਰਕਾਰ ਵੱਲੋਂ 0 ਤੋਂ 6 ਸਾਲ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੱਡੀ ਪਹਿਲ, 6110 ਆਂਗਨਵਾੜੀ ਅਸਾਮੀਆਂ ਭਰਨ ਦਾ ਐਲਾਨ

ਚੰਡੀਗੜ੍ਹ, 25 ਫਰਵਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਅਤੇ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਢੁਕਵੇਂ ਅਤੇ ਦੂਰਦਰਸ਼ੀ ਕਦਮ ਚੁੱਕ ਰਹੀ ਹੈ। ਇਸ ਮਕਸਦ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।

ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਲਈ ਹਨ। ਯੋਗ ਉਮੀਦਵਾਰ 11 ਮਾਰਚ 2026 ਰਾਤ 11:59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਅਰਜ਼ੀਆਂ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਸੀ, ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11:59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਰਜ਼ੀਆਂ ਸਿਰਫ਼ sswcd.punjab.gov.in ਵੈੱਬਸਾਈਟ ਰਾਹੀਂ ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਸਵੀਕਾਰ ਕੀਤੀਆਂ ਜਾਣਗੀਆਂ। ਕਿਸੇ ਹੋਰ ਮਾਧਿਅਮ ਰਾਹੀਂ ਭੇਜੀਆਂ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਨੂੰ ਮੁੜ ਅਰਜ਼ੀ ਦੇਣ ਦੀ ਲੋੜ ਨਹੀਂ। ਹਾਲਾਂਕਿ ਜਿਨ੍ਹਾਂ ਦੀਆਂ ਅਰਜ਼ੀਆਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਦੁਬਾਰਾ ਅਪਲਾਈ ਕਰ ਸਕਦੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ 0 ਤੋਂ 6 ਸਾਲ ਦੀ ਉਮਰ ਬੱਚੇ ਦੇ ਜੀਵਨ ਦਾ ਸਭ ਤੋਂ ਸੰਵੇਦਨਸ਼ੀਲ ਅਤੇ ਅਹਿਮ ਪੜਾਅ ਹੁੰਦਾ ਹੈ। ਇਸ ਦੌਰਾਨ ਮਿਲਣ ਵਾਲੀ ਸਿੱਖਿਆ, ਪੋਸ਼ਣ ਅਤੇ ਸੰਭਾਲ ਉਸਦੀ ਭਵਿੱਖੀ ਜ਼ਿੰਦਗੀ ਦੀ ਮਜ਼ਬੂਤ ਨੀਂਹ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਬੱਚਾ, ਚਾਹੇ ਉਹ ਸ਼ਹਿਰ ਵਿੱਚ ਰਹਿੰਦਾ ਹੋਵੇ ਜਾਂ ਪਿੰਡ ਵਿੱਚ, ਸੁਰੱਖਿਅਤ ਅਤੇ ਪ੍ਰੇਰਣਾਦਾਇਕ ਮਾਹੌਲ ਦਾ ਹੱਕਦਾਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਸਿਰਫ਼ ਸਾਧਨਾਂ ਦੀ ਘਾਟ ਕਾਰਨ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਟੀਚਾ ਹਰ ਆਂਗਨਵਾੜੀ ਕੇਂਦਰ ਵਿੱਚ ਯੋਗ ਅਤੇ ਪ੍ਰਸ਼ਿਕਸ਼ਿਤ ਸਟਾਫ ਦੀ ਉਪਲਬਧਤਾ ਸੁਨਿਸ਼ਚਿਤ ਕਰਨਾ ਹੈ, ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ, ਸੰਤੁਲਿਤ ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਦੀਆਂ ਸੇਵਾਵਾਂ ਸੁਚਾਰੂ ਤਰੀਕੇ ਨਾਲ ਪ੍ਰਦਾਨ ਕੀਤੀਆਂ ਜਾ ਸਕਣ। ਇਸ ਭਰਤੀ ਨਾਲ ਇੱਕ ਪਾਸੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਦੂਜੇ ਪਾਸੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼ਹਿਰੀ, ਬਲਾਕ ਅਤੇ ਪਿੰਡ ਪੱਧਰ ‘ਤੇ ਚੱਲ ਰਹੇ ਆਂਗਨਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੇ ਸਮਾਨ ਗੁਣਵੱਤਾ ਵਾਲੀ ਸਿੱਖਿਆ, ਉਚਿਤ ਫਰਨੀਚਰ ਅਤੇ ਆਧੁਨਿਕ ਪਾਠਕ੍ਰਮ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *