Saturday, May 23Punjabi People

ਮੁੱਖ ਮੰਤਰੀ ਸਿਹਤ ਯੋਜਨਾ ਹੇਠ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਿੱਚ ਜ਼ਿਲ੍ਹਾ ਮਾਨਸਾ ਨੇ ਸਾਰੇ ਸੂਬੇ ਵਿੱਚ ਕੀਤਾ ਪਹਿਲਾ ਸਥਾਨ ਹਾਸਲ

ਮਾਨਸਾ/ਚੰਡੀਗੜ੍ਹ, 2 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਿੱਚ ਜ਼ਿਲ੍ਹਾ ਮਾਨਸਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚਾਰੂ ਇੰਤਜ਼ਾਮਾਂ ਕਾਰਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇਜ਼ ਗਤੀ ਨਾਲ ਅੱਗੇ ਵੱਧ ਰਹੀ ਹੈ।

ਇਸ ਉਪਲਬਧੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਖ਼ਾਸ ਮੀਟਿੰਗ ਕਰਕੇ ਪ੍ਰਗਤੀ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹਰ ਯੋਗ ਪਰਿਵਾਰ ਤੱਕ ਇਸ ਮੁਫ਼ਤ ਸਿਹਤ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਇਸ ਲਈ ਪੰਚਾਇਤ ਸਕੱਤਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨਾਂ ਵਿੱਚ ਉਪਮੰਡਲ ਮੈਜਿਸਟਰੇਟ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਕੰਮ ਦੀ ਗਤੀ ਬਣਾਈ ਰੱਖਣ ਲਈ ਰੋਜ਼ਾਨਾ ਪ੍ਰਗਤੀ ਰਿਪੋਰਟਾਂ ਤਿਆਰ ਕਰਕੇ ਸਮੀਖਿਆ ਕੀਤੀ ਜਾ ਰਹੀ ਹੈ।

ਡੀਸੀ ਨਵਜੋਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਵੱਲੋਂ ਹਾਸਲ ਕੀਤਾ ਗਿਆ ਮੋਹਰੀ ਦਰਜਾ ਕਾਇਮ ਰੱਖਣ ਲਈ ਟੀਮਾਂ ਮੈਦਾਨੀ ਪੱਧਰ ‘ਤੇ ਦਿਨ-ਰਾਤ ਮਿਹਨਤ ਕਰ ਰਹੀਆਂ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਨਾਗਰਿਕ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਹੋਵੇ ਅਤੇ ਕੋਈ ਵੀ ਹਕਦਾਰ ਵਿਅਕਤੀ ਵਾਂਝਾ ਨਾ ਰਹੇ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਤੁਰੰਤ ਕਰਵਾਉਣ ਅਤੇ ਪ੍ਰਸ਼ਾਸਨਿਕ ਟੀਮਾਂ ਨਾਲ ਸਹਿਯੋਗ ਕਰਨ, ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਪੂਰਾ ਲਾਭ ਲਿਆ ਜਾ ਸਕੇ।

Leave a Reply

Your email address will not be published. Required fields are marked *