Wednesday, July 29Punjabi People

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਮੁਲਾਕਾਤ ਕਰਦੇ ਹੋਏ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਤੁਰੰਤ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ 2026 : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਲਈ ਬਚਾਅ ਉਡਾਣਾਂ ਅਤੇ ਵਿਸ਼ੇਸ਼ ਜਹਾਜ਼ ਚਲਾਉਣ ਦੇ ਨਾਲ-ਨਾਲ ਵਧੇ ਹੋਏ ਹਵਾਈ ਕਿਰਾਏ ‘ਤੇ ਰੋਕ ਲਗਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਉਡਾਣਾਂ ਨੂੰ ਜਲਦ ਤੋਂ ਜਲਦ ਮੁੜ ਚਾਲੂ ਕਰਕੇ ਖਾਸ ਨਿਕਾਸੀ ਸੇਵਾਵਾਂ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ ਅਤੇ ਸੰਕਟ ਦੇ ਇਸ ਦੌਰਾਨ ਸਾਡੇ ਲੋਕਾਂ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੱਧ ਪੂਰਬ ਦੇ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਅਤੇ ਕੰਮ ਕਰਦੇ ਹਨ। ਕਈ ਨਿਯਮਤ ਉਡਾਣਾਂ ਰੱਦ ਹੋਣ ਕਾਰਨ ਬਹੁਤ ਸਾਰੇ ਐਨਆਰਆਈ ਉੱਥੇ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਚਿੰਤਾ ਵਿੱਚ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੁਰੱਖਿਅਤ ਰੂਟਾਂ ‘ਤੇ ਹਵਾਈ ਸੇਵਾਵਾਂ ਮੁੜ ਬਹਾਲ ਕਰਕੇ ਏਅਰਲਾਈਨਾਂ ਨਾਲ ਸਹਿਯੋਗ ਕੀਤਾ ਜਾਵੇ ਅਤੇ ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਚਲਾਈਆਂ ਜਾਣ।

ਉਨ੍ਹਾਂ ਇਹ ਵੀ ਮੁੱਦਾ ਉੱਠਾਇਆ ਕਿ ਉਡਾਣਾਂ ਦੀ ਘੱਟ ਗਿਣਤੀ ਕਾਰਨ ਕੁਝ ਏਅਰਲਾਈਨਾਂ ਵੱਲੋਂ ਕਿਰਾਏ ਵਿੱਚ ਬੇਹਿਸਾਬ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰੀਆਂ ਨੂੰ ਆਰਥਿਕ ਝਟਕਾ ਲੱਗ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੰਕਟਕਾਲ ਵਿੱਚ ਕਿਰਾਏ ‘ਤੇ ਨਿਯੰਤਰਣ ਲਗਾਇਆ ਜਾਵੇ ਤਾਂ ਜੋ ਲੋਕਾਂ ਦਾ ਸ਼ੋਸ਼ਣ ਨਾ ਹੋਵੇ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇ.ਆਰ. ਨਾਇਡੂ ਨਾਲ ਟੈਲੀਫੋਨ ‘ਤੇ ਗੱਲ ਕਰਕੇ ਸਥਿਤੀ ‘ਤੇ ਗੰਭੀਰ ਚਿੰਤਾ ਜਤਾਈ ਅਤੇ ਬੇਨਤੀ ਕੀਤੀ ਕਿ ਜੇ ਲੋੜ ਪਏ ਤਾਂ ਪੰਜਾਬ ਸਰਕਾਰ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ, ਤਾਂ ਜੋ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਤਰਜੀਹ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕਦਮ ਚੁੱਕ ਰਹੀ ਹੈ ਕਿਉਂਕਿ ਹੋਰ ਰਾਜਾਂ ਦੇ ਲੋਕ ਵੀ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।ਐਨਆਰਆਈ ਮਾਮਲਿਆਂ ਦੇ ਮੰਤਰੀ ਨੇ ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸੁਵਿਧਾ ਕੇਂਦਰ ਦਾ ਦੌਰਾ ਕਰਕੇ ਖਾੜੀ ਦੇਸ਼ਾਂ ਤੋਂ ਵਾਪਸੀ ਕਰਨ ਵਾਲੇ ਪੰਜਾਬੀਆਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫਸੇ ਹੋਏ ਲੋਕਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲੀ ਹੈਲਪਲਾਈਨ ਸ਼ੁਰੂ ਕੀਤੀ ਹੋਈ ਹੈ। ਪਰਿਵਾਰ 0172-2260042 ਅਤੇ 0172-2260043 ‘ਤੇ ਸੰਪਰਕ ਕਰ ਸਕਦੇ ਹਨ ਜਾਂ ਵਟਸਐਪ ਨੰਬਰ +91 94787 79112 ‘ਤੇ ਸੁਨੇਹਾ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਕਟ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ।

ਇਸ ਤੋਂ ਪਹਿਲਾਂ ਡਾ. ਰਵਜੋਤ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਕੇ ਨਿਰਦੇਸ਼ ਦਿੱਤੇ ਕਿ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਜਾਰੀ ਕੀਤੇ ਜਾਣ ਅਤੇ ਪ੍ਰਾਪਤ ਹੋ ਰਹੀਆਂ ਪੁੱਛਗਿੱਛਾਂ ਨੂੰ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਵੇ।

ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *