Wednesday, July 29Punjabi People

ਅਨੁਸੂਚਿਤ ਜਾਤੀ ਵਰਗ ਦੇ 4,817 ਲਾਭਪਾਤਰੀਆਂ ਲਈ ਮਾਨ ਸਰਕਾਰ ਵੱਲੋਂ ₹24.57 ਕਰੋੜ ਮਨਜ਼ੂਰ: ਡਾ. ਬਲਜੀਤ ਕੌਰ

ਚੰਡੀਗੜ੍ਹ, 05 ਮਾਰਚ 2026: ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਏ ‘ਤੇ ਰਹਿੰਦੇ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਲਗਾਤਾਰ ਯਤਨ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਮੰਤਵ ਨੂੰ ਧਿਆਨ ਵਿੱਚ ਰੱਖਦਿਆਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਾਰੀਆਂ ਨੂੰ ਮਨਜ਼ੂਰ ਕਰਦਿਆਂ ਰਕਮ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਕਮ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਮਾਲੀ ਮਦਦ ਦਿੱਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ ਦੇ 272, ਮੋਗਾ ਦੇ 260, ਸ੍ਰੀ ਮੁਕਤਸਰ ਸਾਹਿਬ ਦੇ 410, ਪਟਿਆਲਾ ਦੇ 519, ਐਸ.ਏ.ਐਸ. ਨਗਰ ਦੇ 124, ਸੰਗਰੂਰ ਦੇ 305, ਮਾਲੇਰਕੋਟਲਾ ਦੇ 98 ਅਤੇ ਤਰਨਤਾਰਨ ਦੇ 561 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਪ੍ਰਾਪਤ ਹੋਇਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸੰਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਯੋਜਨਾ ਦਾ ਲਾਭ ਲਿਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ਤਾ ਅਤੇ ਸਨਮਾਨ ਨਾਲ ਪਹੁੰਚ ਸਕੇ।

Leave a Reply

Your email address will not be published. Required fields are marked *