Saturday, May 23Punjabi People

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਅਧੀਨ ₹14.16 ਕਰੋੜ ਦੀ ਰਕਮ ਕੀਤੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਮਦਦ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ-ਵਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਿਆ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਵਿੱਤੀ ਮਦਦ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ ਅਤੇ ਖੁਸ਼ੀ ਨਾਲ ਮਨਾਉਣ ਦੇ ਯੋਗ ਬਣਦੇ ਹਨ।

ਮੰਤਰੀ ਨੇ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਆਤਮ-ਸਨਮਾਨ ਨਾਲ ਕਰ ਸਕਦੇ ਹਨ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੀਮ ਦੇ ਲਾਭ ਯੋਗ ਹੱਕਦਾਰਾਂ ਤੱਕ ਸਮੇਂ-ਸਿਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰਹੇ, ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਬੀ.ਪੀ.ਐਲ. ਪਰਿਵਾਰ ਨਾਲ ਸੰਬੰਧਿਤ ਹੋਵੇ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਇੱਕ ਯੋਗ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਕੀਮ ਅਧੀਨ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਭੁਗਤਾਨ ਨੂੰ ਯਕੀਨੀ ਬਣਾਇਆ ਜਾਂਦਾ ਹੈ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੱਛੜੇ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਵੱਖ-ਵੱਖ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

Leave a Reply

Your email address will not be published. Required fields are marked *