Wednesday, July 29Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਹੁਣ ਤੱਕ 234 ਪ੍ਰਿੰਸੀਪਲਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਭੇਜਿਆ

ਚੰਡੀਗੜ੍ਹ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆ ਪਧਤੀਆਂ ਨਾਲ ਜਾਣੂ ਕਰਵਾਉਣਾ ਅਤੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ।

ਮੁੱਖ ਮੰਤਰੀ ਨੇ ਇਸ ਦੌਰਾਨ ਕਈ ਸਿਆਸੀ ਮਸਲਿਆਂ ‘ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਬਿਜਲੀ (ਸੋਧ) ਬਿੱਲ 2025 ਦਾ ਸਖ਼ਤ ਵਿਰੋਧ ਕਰੇਗੀ। ਨਾਲ ਹੀ ਉਨ੍ਹਾਂ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ, ਕਾਂਗਰਸ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਰਵਾਨਾ ਹੋਇਆ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਫ਼ਲ ਯਾਤਰਾ ਲਈ ਹੌਸਲਾ ਅਫ਼ਜ਼ਾਈ ਕੀਤੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅਤੇ ਗੁਣਵੱਤਾ ਭਰੀ ਸਿੱਖਿਆ ਮਿਲੇ। ਇਸ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇ ਮੌਕੇ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਨਵੀਆਂ ਅਤੇ ਆਧੁਨਿਕ ਸਿੱਖਣ-ਸਿਖਾਉਣ ਦੀਆਂ ਵਿਧੀਆਂ ਨੂੰ ਅਪਣਾ ਸਕਣ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਸਕੂਲਾਂ ਦੀ ਗਿਣਤੀ ਵਧਾਉਣਾ ਨਹੀਂ, ਸਗੋਂ ਅਜਿਹੀ ਸਿੱਖਿਆ ਪ੍ਰਣਾਲੀ ਤਿਆਰ ਕਰਨੀ ਹੈ ਜੋ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਦੀ ਸਮਰੱਥਾ ਦੇਵੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 30 ਪ੍ਰਿੰਸੀਪਲਾਂ ਦਾ ਇਹ ਅੱਠਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 234 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਵਿੱਚ ਅਜਿਹੀ ਸਿਖਲਾਈ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਗਈ ਹੈ ਅਤੇ ਚੁਣੇ ਗਏ ਪ੍ਰਿੰਸੀਪਲਾਂ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਵਰਤੀ ਜਾਂਦੀਆਂ ਆਧੁਨਿਕ ਸਿੱਖਿਆ ਪਧਤੀਆਂ ਬਾਰੇ ਸਿੱਖਦੇ ਹਨ ਅਤੇ ਵਾਪਸੀ ‘ਤੇ ਉਹ ਇਹ ਤਜਰਬੇ ਆਪਣੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹਨ। ਇਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਯੋਗਤਾ ਨੂੰ ਹੋਰ ਨਿਖਾਰਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਯੋਗ ਬਣਾਉਂਦੀਆਂ ਹਨ।

ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੇ ਕੇਰਲ ਨੂੰ ਪਿੱਛੇ ਛੱਡਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਕਰੀਬ 300 ਵਿਦਿਆਰਥੀ ਜੇ.ਈ.ਈ. ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗ ਕਰਾਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਵਿਅਕਤੀ ਦੀ ਅਸਲੀ ਦੌਲਤ ਉਸ ਦੀ ਸਿੱਖਿਆ ਹੋਵੇਗੀ। ਇਸ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇੱਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 20 ਮਾਰਚ ਨੂੰ ਟਾਟਾ ਸਟੀਲ ਭਾਰਤ ਵਿੱਚ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਦੀ ਸ਼ੁਰੂਆਤ ਕਰੇਗੀ, ਜੋ ਕਿ 3,200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਆਰਥਿਕ ਗਤੀਵਿਧੀਆਂ ਨੂੰ ਬੜਾਵਾ ਮਿਲੇਗਾ।

ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਦੱਸਿਆ ਕਿ ਉਥੇ ਫਸੇ ਪੰਜਾਬ ਦੇ 385 ਲੋਕਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਕਰੀਬ 300 ਯੂ.ਏ.ਈ. ਵਿੱਚ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਲਗਾਤਾਰ ਉਠਾ ਰਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਹੈ।

ਰੂਸ ਤੋਂ ਤੇਲ ਖਰੀਦਣ ਦੇ ਮਾਮਲੇ ‘ਤੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਭਾਰਤ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀ ਗੱਲ ਕੀਤੀ ਸੀ, ਉਹਨਾਂ ਦੀਆਂ ਨੀਤੀਆਂ ਕਾਰਨ ਦੇਸ਼ ਨੂੰ ਹੁਣ ਹੋਰ ਦੇਸ਼ਾਂ ਦੀਆਂ ਸ਼ਰਤਾਂ ਮੰਨਣੀਆਂ ਪੈ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਬਿਜਲੀ (ਸੋਧ) ਬਿੱਲ 2025 ਦਾ ਪੂਰੀ ਤਰ੍ਹਾਂ ਵਿਰੋਧ ਕਰੇਗੀ ਕਿਉਂਕਿ ਇਹ ਸੂਬਿਆਂ ਦੇ ਅਧਿਕਾਰਾਂ ਵਿੱਚ ਦਖਲ ਹੈ। ਉਨ੍ਹਾਂ ਕਿਹਾ ਕਿ ਬਿਜਲੀ, ਸਿਹਤ ਅਤੇ ਸਿੱਖਿਆ ਸੂਬਿਆਂ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਹਸਤਖੇਪ ਨਹੀਂ ਕਰਨਾ ਚਾਹੀਦਾ।

ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ‘ਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਆਗੂ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਨਾਟਕ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ।

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਹ ਜ਼ਮੀਨੀ ਹਕੀਕਤਾਂ ਤੋਂ ਦੂਰ ਹੋ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਨੂੰ ਮੁੜ ਮੌਕਾ ਨਹੀਂ ਦੇਣਗੇ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *