
ਚੰਡੀਗੜ੍ਹ, 9 ਮਾਰਚ 23026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਸਪੱਸ਼ਟ ਕਰਦੀ ਹੈ ਕਿ ਉਹਨਾਂ ਨੂੰ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਦੁਬਾਰਾ ਸੱਤਾ ਵਾਪਸੀ ਦਾ ਡਰ ਹੈ। ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਵਾਰ-ਵਾਰ ਧੋਖਾ ਦਿੱਤਾ, ਉੱਥੇ ਆਪ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਦਿਆਂ ਚਾਰ ਸਾਲਾਂ ਦੇ ਅੰਦਰ ਹੀ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ ਸਿਹਤ ਯੋਜਨਾ, 63,943 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਨਾਲ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।
ਤਲਵੰਡੀ ਸਾਬੋ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਚੋਣ ਮੈਨੀਫੈਸਟੋ ਨੂੰ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ ਸੀ ਕਿਉਂਕਿ ਰਵਾਇਤੀ ਪਾਰਟੀਆਂ ਸਿਰਫ਼ ਰਸਮੀ ਤੌਰ ‘ਤੇ ਮੈਨੀਫੈਸਟੋ ਜਾਰੀ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲ ਕਰਦਿਆਂ ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ਨੂੰ ਚੋਣ ਮਨੋਰਥ ਪੱਤਰ ਦਾ ਕੇਂਦਰ ਬਣਾਇਆ, ਜਿਸ ਕਾਰਨ ਹੋਰ ਪਾਰਟੀਆਂ ਨੂੰ ਵੀ ਇਹ ਮੁੱਦੇ ਆਪਣੇ ਮੈਨੀਫੈਸਟੋ ਵਿੱਚ ਸ਼ਾਮਲ ਕਰਨੇ ਪਏ।
ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਅਭਾਰੀ ਹਨ ਜਿਸ ਨੇ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਦੇ ਐਲਾਨ ਨਾਲ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਹੈ। ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮਹੀਨੇ ਦੇ 1,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਲਈ ਇਹ ਰਕਮ ਵੱਡੀ ਮਦਦ ਸਾਬਤ ਹੋਵੇਗੀ ਅਤੇ ਇਹ ਮਾਵਾਂ-ਧੀਆਂ ਪ੍ਰਤੀ ਸਰਕਾਰ ਦੇ ਸਤਿਕਾਰ ਦਾ ਪ੍ਰਤੀਕ ਹੈ। ਇਸ ਯੋਜਨਾ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਵਿੱਚ ਖੰਡ, ਦਾਲ, ਸਰੋਂ ਦਾ ਤੇਲ ਅਤੇ ਲੂਣ ਦਿੱਤਾ ਜਾਵੇਗਾ ਅਤੇ ਇਸ ਲਈ 1,000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਸਿਹਤ ਖੇਤਰ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਇਨ੍ਹਾਂ ਦੀ ਓ.ਪੀ.ਡੀ. ਵਿੱਚ ਮਰੀਜ਼ਾਂ ਦੀ ਗਿਣਤੀ 5 ਕਰੋੜ ਤੋਂ ਵੱਧ ਹੋ ਚੁੱਕੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 900 ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਲਹਿਰਾਗਾਗਾ, ਸੰਗਰੂਰ, ਮਲੇਰਕੋਟਲਾ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਮੈਡੀਕਲ ਕਾਲਜ ਬਣਾਏ ਜਾਣਗੇ ਅਤੇ 2022 ਤੋਂ ਹੁਣ ਤੱਕ 934 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।
ਸਿੱਖਿਆ ਖੇਤਰ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 118 ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। 2022 ਤੋਂ ਹੁਣ ਤੱਕ 13,765 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਖੇਤੀਬਾੜੀ ਖੇਤਰ ਬਾਰੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਖੇਤਾਂ ਲਈ ਦਿਨ ਦੇ ਸਮੇਂ ਬਿਜਲੀ ਮਿਲ ਰਹੀ ਹੈ ਅਤੇ ਗੰਨੇ ਦਾ ਭਾਅ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ। ਫਿਰੋਜ਼ਪੁਰ ਫੀਡਰ ਨਹਿਰ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਨਵੀਂ ਮਾਲਵਾ ਨਹਿਰ ਬਣਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਅਤੇ 3,200 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ ਨਾਲ ਜੋੜਿਆ ਜਾ ਸਕੇ।
ਰੋਜ਼ਗਾਰ ਬਾਰੇ ਉਨ੍ਹਾਂ ਦੱਸਿਆ ਕਿ ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਾਰੀ ਭਰਤੀ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ 3,200 ਕਰੋੜ ਰੁਪਏ ਦੀ ਲਾਗਤ ਨਾਲ ਟਾਟਾ ਸਟੀਲ ਦਾ ਮੈਨੂਫੈਕਚਰਿੰਗ ਪਲਾਂਟ 20 ਮਾਰਚ ਨੂੰ ਸ਼ੁਰੂ ਹੋਵੇਗਾ, ਜਿਸ ਨਾਲ 4,000 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਉਨ੍ਹਾਂ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੋਹਾਲੀ ਵਿੱਚ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਕਰਵਾਇਆ ਜਾਵੇਗਾ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਬਿਜਲੀ ਖੇਤਰ ਬਾਰੇ ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹਾਲ ਹੀ ਵਿੱਚ ਬਿਜਲੀ ਦਰਾਂ ਵਿੱਚ ਵੀ ਕਮੀ ਕੀਤੀ ਗਈ ਹੈ। ਸਰਕਾਰ ਨੇ ਜੀ.ਵੀ.ਕੇ. ਕੰਪਨੀ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਉਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ’ਤੇ ਰੱਖਿਆ ਹੈ।
ਉਨ੍ਹਾਂ ਕਿਹਾ ਕਿ ‘ਰੌਸ਼ਨ ਪੰਜਾਬ’ ਮੁਹਿੰਮ ਤਹਿਤ 5,000 ਕਰੋੜ ਰੁਪਏ ਖਰਚ ਕਰਕੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸੜਕ ਸੁਰੱਖਿਆ ਫੋਰਸ ਬਣਾਉਣ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 48 ਫੀਸਦੀ ਕਮੀ ਆਈ ਹੈ।
ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਐਂਟੀ-ਕਰਪਸ਼ਨ ਐਕਸ਼ਨ ਲਾਈਨ 95012-00200 ਰਾਹੀਂ ਹੁਣ ਤੱਕ 1,000 ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਫਸਲਾਂ, ਘਰਾਂ ਅਤੇ ਪਸ਼ੂਧਨ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਕਿਸਾਨਾਂ ਲਈ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਵੀ ਲਾਗੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਜ਼ਮੀਨ ਰਜਿਸਟਰੀ ਸਬੰਧੀ ਪਰੇਸ਼ਾਨੀ ਘਟਾਉਣ ਲਈ ਈਜ਼ੀ ਰਜਿਸਟਰੀ ਅਤੇ ਈਜ਼ੀ ਜਮ੍ਹਾਂਬੰਦੀ ਦੀ ਸਹੂਲਤ ਲਾਗੂ ਕੀਤੀ ਗਈ ਹੈ। ਸੂਬੇ ਵਿੱਚ 44,920 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ‘ਤੇ 16,209 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਨਾਲ ਹਰ ਰੋਜ਼ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।
ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਇਆ ਪਰ ਉਸ ਪਰਿਵਾਰ ਨੇ ਪੰਜਾਬ ਦੀ ਬਜਾਏ ਆਪਣਾ ਹੀ ਵਿਕਾਸ ਕੀਤਾ। ਕਾਂਗਰਸ ’ਤੇ ਤਨਕਸਾਰ ਕਰਦਿਆਂ ਉਨ੍ਹਾਂ ਕਿਹਾ ਕਿ 2027 ਵਿੱਚ ਇਸ ਪਾਰਟੀ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ ਤਾਂ ਜੋ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣਾਇਆ ਜਾ ਸਕੇ।
