Saturday, May 23Punjabi People

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 9 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਜਲੰਧਰ ਪੁਲਿਸ ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਗਾਂਧੀ ਕੈਂਪ, ਜਲੰਧਰ ਦੇ ਇੱਕ ਰਹਿਣ ਵਾਲੇ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਜੋਤਿਸ਼ ਦਾ ਕੰਮ ਕਰਦਾ ਹੈ। ਉਸਦੀ ਸ਼ਿਕਾਇਤ ‘ਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਵਿਜੈ ਰਾਜ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣੇ ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕੁਝ ਦਿਨ ਬਾਅਦ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫੋਨ ਕਰਕੇ ਧਮਕੀ ਦਿੱਤੀ ਕਿ ਜੇਕਰ ਉਹ ਥਾਣੇ ਆ ਕੇ ਉਸਨੂੰ ਨਹੀਂ ਮਿਲਦਾ ਤਾਂ ਉਸਦਾ ਨਾਮ ਵੀ ਇਸ ਮਾਮਲੇ ਵਿੱਚ ਸ਼ਾਮਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੋਸ਼ੀ ਨੂੰ ਮਿਲਣ ਲਈ ਥਾਣਾ ਡਿਵੀਜ਼ਨ ਨੰਬਰ 2 ਪਹੁੰਚੇ। ਉੱਥੇ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕੇਸ ਵਿੱਚ ਨਾ ਫਸਾਉਣ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬਲਵੰਤ ਅਤੇ ਅਮਿਤ ਕੁਮਾਰ ਦੀ ਬੇਨਤੀ ‘ਤੇ ਦੋਸ਼ੀ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਵੱਸ ਉਨ੍ਹਾਂ ਨੇ ਮੌਕੇ ‘ਤੇ ਹੀ ਉਸਨੂੰ 10,000 ਰੁਪਏ ਦੇ ਦਿੱਤੇ, ਪਰ ਦੋਸ਼ੀ ਬਾਕੀ ਰਕਮ ਦੀ ਮੰਗ ‘ਤੇ ਅੜਿਆ ਰਿਹਾ। ਬਾਅਦ ਵਿੱਚ ਦੋਸ਼ੀ 8,000 ਰੁਪਏ ਲੈਣ ਲਈ ਤਿਆਰ ਹੋ ਗਿਆ। ਇਸ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਨੂੰ ਰਿਕਾਰਡ ਵੀ ਕਰ ਲਿਆ।

ਰਿਸ਼ਵਤ ਨਾ ਦੇਣ ਦੀ ਨਿਯਤ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਏਐਸਆਈ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *