
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਨੇ ਬਜਟ ‘ਤੇ ਹੋ ਰਹੀ ਚਰਚਾ ਤੋਂ ਇਸ ਲਈ ਕੱਦਮ ਪਿੱਛੇ ਖਿੱਚ ਲਏ ਕਿਉਂਕਿ ਉਹ ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਕਤਰਾਉਂਦੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬੀ ਵੱਲ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਨਾਲ ਬੇਚੈਨ ਹੋ ਗਈਆਂ ਹਨ।
ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਦਾ ਮਕਸਦ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸੂਰਮਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਅਗਲਾ ਏਜੰਡਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਹੀ ਸਮਝ ਚੁੱਕੀ ਹੈ ਕਿ 2027 ਵਿੱਚ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਬਾਰਾ ਸੱਤਾ ਵਿੱਚ ਆ ਸਕਦੀ ਹੈ, ਇਸ ਲਈ ਉਹ ਸੱਚਾਈ ਦਾ ਸਾਹਮਣਾ ਕਰਨ ਦੀ ਬਜਾਏ ਬਹਿਸ ਤੋਂ ਪਾਸਾ ਮਾਰ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2026-27 ਲਈ ਪੇਸ਼ ਕੀਤੇ ਬਜਟ ‘ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਚੋਣ ਗਾਰੰਟੀਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਦੇ ਮੈਨੀਫੈਸਟੋ ਸਿਰਫ਼ ਰਸਮੀ ਕਾਰਵਾਈ ਬਣ ਕੇ ਰਹਿ ਜਾਂਦੇ ਸਨ, ਪਰ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ 2027 ਵਿੱਚ ਵੀ ਇਹੀ ਜਜ਼ਬਾ ਜਾਰੀ ਰਹੇਗਾ।
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਹਨਾਂ ਵਰਗਾਂ ਦੀ ਭਲਾਈ ‘ਤੇ ਖਾਸ ਧਿਆਨ ਦਿੱਤਾ ਗਿਆ ਹੈ, ਜਿਨ੍ਹਾਂ ਲਈ ਆਰਥਿਕ ਕਮਜ਼ੋਰੀ ਅਕਸਰ ਤਰੱਕੀ ਵਿੱਚ ਰੁਕਾਵਟ ਬਣਦੀ ਹੈ। ਉਨ੍ਹਾਂ ਦੱਸਿਆ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫ਼ਤ ਰਾਸ਼ਨ ਅਤੇ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਯੋਜਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮਹਿਲਾਵਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ, ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਆ ਗਈਆਂ ਅਤੇ ਸਦਨ ਦਾ ਬਾਇਕਾਟ ਕਰ ਗਈਆਂ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਅਕਸਰ ਸਿਰਫ਼ ਗਲੀਆਂ ਅਤੇ ਨਾਲੀਆਂ ਬਣਾਉਣ ਤੱਕ ਸੀਮਿਤ ਰਹਿੰਦੇ ਸਨ, ਜਦਕਿ ਮੌਜੂਦਾ ਸਰਕਾਰ ਸਿੱਖਿਆ, ਸਿਹਤ ਅਤੇ ਉੱਚ ਪੱਧਰੀ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ, ਜਿਸ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓਪੀਡੀ ਦਰਜ ਹੋਣਾ ਸਿਹਤ ਸੇਵਾਵਾਂ ‘ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਧਨਾਢ ਆਗੂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਹੇਠਾਂ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਕਦੇ ਵੀ ਗਰੀਬ ਵਰਗ ਦੀ ਭਲਾਈ ਲਈ ਸੱਚੇ ਦਿਲੋਂ ਕੰਮ ਨਹੀਂ ਕੀਤਾ, ਜਿਸ ਕਾਰਨ ਅੱਜ ਵੀ ਕਈ ਪਰਿਵਾਰ ਗਰੀਬੀ ਵਿੱਚ ਜੀਵਨ ਬਿਤਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਹੀ ਨੇਤਾ ਆਪਣੇ ਬੱਚਿਆਂ ਨੂੰ ਮਹਿੰਗੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ ਪਰ ਗਰੀਬਾਂ ਦੇ ਬੱਚਿਆਂ ਨੂੰ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦੇ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਨਾਲ ਪਿੱਛੜੇ ਪਰਿਵਾਰਾਂ ਦੇ ਬੱਚੇ ਵੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ‘ਮੇਰੀ ਰਸੋਈ’ ਸਕੀਮ ਤਹਿਤ 40 ਲੱਖ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਲਈ ਦੋ ਕਿਲੋ ਖੰਡ, ਦੋ ਕਿਲੋ ਦਾਲ, ਇੱਕ ਲੀਟਰ ਸਰੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇੱਕ ਕਿਲੋ ਲੂਣ ਦੀ ਕਿੱਟ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ 10,000 ਨਵੀਆਂ ਭਰਤੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਹੁਣ ਤੱਕ ਲਗਭਗ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿੱਚ ਸਰਦਾਰ ਬਹਾਦਰ ਅਮੀਨ ਚੰਦ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤਿਆਰ ਹੋ ਚੁੱਕਾ ਹੈ ਅਤੇ ਇਸ ਸਾਲ ਤੋਂ ਦਾਖਲੇ ਸ਼ੁਰੂ ਹੋਣਗੇ।
ਧਰਤੀ ਹੇਠਲੇ ਪਾਣੀ ਦੀ ਸੰਭਾਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਮਾਪੇ ਗਏ ਖੂਹਾਂ ਵਿੱਚੋਂ 57 ਫੀਸਦੀ ਵਿੱਚ ਪਾਣੀ ਦਾ ਪੱਧਰ 0 ਤੋਂ 4 ਮੀਟਰ ਤੱਕ ਵਧਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਤੌਰ ‘ਤੇ ਮਨਾਉਣ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।
ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਫੈਸਲੇ ‘ਤੇ ਆਲੋਚਨਾ ਕਰਦੇ ਹਨ, ਪਰ ਸਰਕਾਰ ਨੇ ਮੁਫ਼ਤ ਬਿਜਲੀ ਵਰਗੇ ਵਾਅਦੇ ਵੀ ਪੂਰੇ ਕਰਕੇ ਦਿਖਾਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿੰਦੇ ਸਨ ਕਿ ਉਹ ਇਕ ਸਾਲ ਵੀ ਮੁੱਖ ਮੰਤਰੀ ਨਹੀਂ ਰਹੇਗਾ, ਪਰ ਉਹ ਚਾਰ ਸਾਲ ਤੋਂ ਇਸ ਅਹੁਦੇ ‘ਤੇ ਸੇਵਾ ਨਿਭਾ ਰਹੇ ਹਨ ਅਤੇ 2027 ਵਿੱਚ ਵੀ ਮੁੜ ਜਨਤਾ ਦੀ ਸੇਵਾ ਕਰਨਗੇ।
ਪੰਜਾਬ ਦੇ ਹੱਕਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਕਈ ਵਾਰ ਪੰਜਾਬ ਦੇ ਸਰੋਤਾਂ ‘ਤੇ ਹੱਕ ਜਤਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੋਕਾਂ ਦੇ ਮਸਲੇ ਉਠਾਉਣ ਵਿੱਚ ਗੰਭੀਰ ਨਹੀਂ ਰਹੀ ਅਤੇ 2027 ਦੀਆਂ ਚੋਣਾਂ ਵਿੱਚ ਸਿਆਸੀ ਨਕਸ਼ੇ ਤੋਂ ਗਾਇਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ ਅਤੇ ਅਕਾਲੀ ਦਲ ਦੀਆਂ ਨੀਤੀਆਂ ਕਾਰਨ ਨੌਜਵਾਨਾਂ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਵੱਲ ਧੱਕਿਆ ਗਿਆ, ਜਿਸ ਦਾ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ।
