Wednesday, July 29Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਫੋਸਿਸ ਦਾ ਮੁਹਾਲੀ ਪ੍ਰੋਜੈਕਟ ਲਗਭਗ 2700 ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਰੋਜ਼ਗਾਰ ਦੇਵੇਗਾ, ਜਦਕਿ ਹਜ਼ਾਰਾਂ ਹੋਰ ਲੋਕਾਂ ਲਈ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ

ਮੁਹਾਲੀ/ਚੰਡੀਗੜ੍ਹ, 12 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਿਕ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ ਅਤੇ ਸੂਬਾ ਹੁਣ ਵਿਸ਼ਵ ਪੱਧਰੀ ਨਿਵੇਸ਼ਕਾਂ ਲਈ ਇੱਕ ਆਕਰਸ਼ਕ ਕੇਂਦਰ ਵਜੋਂ ਉਭਰ ਰਿਹਾ ਹੈ। ਮੁਹਾਲੀ ਵਿੱਚ ਇਨਫੋਸਿਸ ਦੇ ਕਰੀਬ 286 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕੈਂਪਸ ਦੇ ਨੀਂਹ ਪੱਥਰ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਰੋਜ਼ਗਾਰ ਦਾ ਮੌਕਾ ਬਣੇਗਾ। ਇਸ ਦੇ ਤਹਿਤ ਲਗਭਗ 2,700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਮਿਲੇਗਾ ਜਦਕਿ ਹਜ਼ਾਰਾਂ ਹੋਰਾਂ ਲਈ ਅਸਿੱਧੇ ਤੌਰ ‘ਤੇ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਦਯੋਗਿਕ ਮਾਹੌਲ ਵਿੱਚ ਵੱਡਾ ਬਦਲਾਅ ਆਇਆ ਹੈ। ਪਹਿਲਾਂ ਜਿੱਥੇ ਉਦਯੋਗਪਤੀਆਂ ਨੂੰ ਭ੍ਰਿਸ਼ਟਾਚਾਰ, ਦਬਾਅ ਅਤੇ ਜਬਰੀ ਵਸੂਲੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੁਣ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਉਦਯੋਗ-ਪੱਖੀ ਨੀਤੀਆਂ ਰਾਹੀਂ ਨਿਵੇਸ਼ ਲਈ ਅਨੁਕੂਲ ਮਾਹੌਲ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਸੂਬੇ ਨੂੰ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ, ਜਿਨ੍ਹਾਂ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਹੋਣ ਵਾਲਾ “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ” ਸੂਬੇ ਦੀ ਉਦਯੋਗਿਕ ਤਰੱਕੀ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨ ਪੰਜਾਬ ਦੇ ਆਰਥਿਕ ਭਵਿੱਖ ਲਈ ਨਵੀਆਂ ਸੰਭਾਵਨਾਵਾਂ ਅਤੇ ਸਫ਼ਲਤਾਵਾਂ ਦੀ ਸ਼ੁਰੂਆਤ ਕਰਨਗੇ।

ਇਸ ਮੌਕੇ ਇਨਫੋਸਿਸ ਦੇ ਨੁਮਾਇੰਦਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ‘ਤੇ ਭਰੋਸਾ ਜਤਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਨਫੋਸਿਸ ਦੇ ਬਾਨੀ ਐਨ.ਆਰ. ਨਾਰਾਇਣ ਮੂਰਤੀ ਦੇ ਦੇਸ਼ ਦੀ ਆਰਥਿਕ ਅਤੇ ਤਕਨਾਲੋਜੀਕ ਤਰੱਕੀ ਵਿੱਚ ਅਹਿਮ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਾਰਤੀ ਆਈ.ਟੀ. ਖੇਤਰ ਦਾ ਮਾਰਗਦਰਸ਼ਕ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਨਫੋਸਿਸ ਦਾ ਇਹ ਨਵਾਂ ਕੈਂਪਸ ਪਹਿਲੇ ਪੜਾਅ ਵਿੱਚ ਇੱਕ ਆਧੁਨਿਕ ਏਕੀਕ੍ਰਿਤ ਢਾਂਚੇ ਵਜੋਂ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਸਾਫਟਵੇਅਰ ਡਿਵੈਲਪਮੈਂਟ ਬਲਾਕ, ਫੂਡ ਕੋਰਟ ਅਤੇ ਹੋਰ ਆਧੁਨਿਕ ਸਹੂਲਤਾਂ ਸ਼ਾਮਲ ਹੋਣਗੀਆਂ। ਲਗਭਗ 3.50 ਲੱਖ ਵਰਗ ਫੁੱਟ ਖੇਤਰ ਵਿੱਚ ਤਿਆਰ ਹੋਣ ਵਾਲੇ ਇਸ ਕੈਂਪਸ ਵਿੱਚ ਤਕਰੀਬਨ 3,000 ਕਰਮਚਾਰੀਆਂ ਲਈ ਬੈਠਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦੇਵੇਗੀ ਤਾਂ ਜੋ ਹੋਰ ਵੱਡੀਆਂ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਨਫੋਸਿਸ ਦੁਨੀਆ ਭਰ ਵਿੱਚ ਤਕਨਾਲੋਜੀ ਅਤੇ ਡਿਜੀਟਲ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਗੇਤੜੀ ਕੰਪਨੀ ਹੈ ਅਤੇ ਇਸਦੇ ਦੁਨੀਆ ਭਰ ਵਿੱਚ ਤਿੰਨ ਲੱਖ ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨਫੋਸਿਸ ਵਰਗੀ ਆਲਮੀ ਕੰਪਨੀ ਦਾ ਪੰਜਾਬ ਵਿੱਚ ਨਿਵੇਸ਼ ਕਰਨਾ ਸੂਬੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਪੰਜਾਬ ਦਾ ਨਾਮ ਵਿਸ਼ਵ ਉਦਯੋਗਿਕ ਨਕਸ਼ੇ ‘ਤੇ ਹੋਰ ਮਜ਼ਬੂਤੀ ਨਾਲ ਦਰਜ ਹੋਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 20 ਮਾਰਚ ਨੂੰ ਲੁਧਿਆਣਾ ਵਿੱਚ 3,200 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਨਾਲ ਕਰੀਬ 2,500 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਕਾਨੂੰਨ-ਵਿਵਸਥਾ ਦੇ ਮਜ਼ਬੂਤ ਮਾਹੌਲ ਕਾਰਨ ਨਿਵੇਸ਼ਕਾਂ ਦਾ ਭਰੋਸਾ ਸੂਬੇ ‘ਤੇ ਵਧਿਆ ਹੈ। ਨੈਸਲੇ, ਕਲਾਸ, ਫਰੈਡਨਬਰਗ ਗਰੁੱਪ, ਕਾਰਗਿਲ, ਵਰਬੀਓ ਅਤੇ ਡੈਨੋਨ ਵਰਗੀਆਂ ਕਈ ਅੰਤਰਰਾਸ਼ਟਰੀ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਚੁੱਕੀਆਂ ਹਨ, ਜਦਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਵਰਗੇ ਦੇਸ਼ਾਂ ਤੋਂ ਵੀ ਨਿਵੇਸ਼ ਆ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਤਰੱਕੀ ਲਈ ਸਰਕਾਰ ਅਤੇ ਉਦਯੋਗਪਤੀਆਂ ਦਾ ਮਿਲਜੁਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਿਵੇਸ਼ਕਾਂ ਲਈ ਪਾਰਦਰਸ਼ੀ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਹੈ ਅਤੇ “ਰਾਈਟ ਟੂ ਬਿਜ਼ਨਸ ਐਕਟ” ਪਾਸ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜਿਸ ਨਾਲ ਉਦਯੋਗਾਂ ਨੂੰ ਕਾਰੋਬਾਰ ਸ਼ੁਰੂ ਕਰਨ ਵਿੱਚ ਸਹੂਲਤ ਮਿਲੀ ਹੈ।

ਪੰਜਾਬ ਨੂੰ “ਮੌਕਿਆਂ ਦੀ ਧਰਤੀ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਆਉਣ ਵਾਲੇ ਸਮੇਂ ਵਿੱਚ ਇੱਕ ਮਹੱਤਵਪੂਰਨ ਉਦਯੋਗਿਕ ਅਤੇ ਤਕਨਾਲੋਜੀਕ ਕੇਂਦਰ ਵਜੋਂ ਵਿਕਸਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਅੰਤਰਰਾਸ਼ਟਰੀ ਹਵਾਈ ਅੱਡਾ, ਉੱਚ ਸਿੱਖਿਆ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਹੁਨਰਮੰਦ ਨੌਜਵਾਨ ਮੌਜੂਦ ਹਨ, ਜਿਸ ਕਾਰਨ ਇਹ ਨਿਵੇਸ਼ ਲਈ ਬਹੁਤ ਉਚਿਤ ਸਥਾਨ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਵਚਨਬੱਧ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਸੁਨਿਹਰਾ ਬਣਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਹੀ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕਦਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *