Saturday, May 23Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਵੀ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਕਰਨਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਪ੍ਰੋਤਸਾਹਨ ਦਿੱਤਾ ਜਾਵੇਗਾ

ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਤਿੰਨ ਦਿਨਾਂ ਚੱਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਨੂੰ ਪੂਰਾ ਸਹਿਯੋਗ ਦੇਣ ਦੇ ਨਾਲ-ਨਾਲ ਲੋੜੀਂਦੀਆਂ ਰਿਆਇਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਗੀਦਾਰੀ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਇਕ ਨਵਾਂ ਅਤੇ ਸਕਾਰਾਤਮਕ ਮਾਹੌਲ ਤਿਆਰ ਕੀਤਾ ਹੈ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਤੇਜ਼ੀ ਦੇਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਮੇਲਨ ਦੌਰਾਨ ਮਿਲੇ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਅੰਕਲਨ ਕਰਨ ਲਈ ਛੇ ਮਹੀਨੇ ਬਾਅਦ ਇਕ ਸਮੀਖਿਆ ਸੈਸ਼ਨ ਕੀਤਾ ਜਾਵੇਗਾ।

ਇਤਿਹਾਸਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੌਰਾਨ ਕਾਰੋਬਾਰੀ ਜਗਤ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਤਰੱਕੀ ਵਿੱਚ ਭਾਗੀਦਾਰ ਬਣਨ ਲਈ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੀਆਂ ਮਾਣਯੋਗ ਸ਼ਖਸੀਅਤਾਂ ਦਾ ਉਤਸ਼ਾਹ ਅਤੇ ਸਮਰਪਣ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਪ੍ਰਮੁੱਖ ਉਦਯੋਗਿਕ ਆਗੂਆਂ ਦੀ ਹਾਜ਼ਰੀ ਇਸ ਸੰਮੇਲਨ ਦੀ ਮਹੱਤਤਾ ਨੂੰ ਹੋਰ ਵਧਾਉਂਦੀ ਹੈ। ਉਨ੍ਹਾਂ ਦੱਸਿਆ ਕਿ ਸਫਲ ਆਗੂ ਉਹੀ ਹੁੰਦਾ ਹੈ ਜੋ ਹਰੇਕ ਤਰ੍ਹਾਂ ਦੀ ਚੁਣੌਤੀ ਅਤੇ ਮਾਹੌਲ ਲਈ ਆਪਣੀ ਟੀਮ ਨੂੰ ਤਿਆਰ ਰੱਖਦਾ ਹੈ ਅਤੇ ਪੰਜਾਬ ਸਰਕਾਰ ਵੀ ਇਸੇ ਸੋਚ ਨਾਲ ਕੰਮ ਕਰ ਰਹੀ ਹੈ।

ਪੰਜਾਬ ਦੇ ਲੋਕਾਂ ਦੇ ਜਜ਼ਬੇ ਅਤੇ ਦ੍ਰਿੜਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਅਤੇ ਦੂਰਅੰਦੇਸ਼ੀ ਸੋਚ ਵਾਲੇ ਰਹੇ ਹਨ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਨਵਾਂ ਉਭਰਦਾ ਖੇਤਰ ਹੈ, ਪਰ ਮਨੁੱਖੀ ਦਿਮਾਗ ਦੀ ਮਹੱਤਤਾ ਇਸ ਤੋਂ ਕਿਤੇ ਵੱਧ ਹੈ ਅਤੇ ਮਨੁੱਖੀ ਸਰੋਤਾਂ ਦਾ ਵਿਕਾਸ ਸਭ ਤੋਂ ਵੱਡੀ ਤਾਕਤ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਉਦਯੋਗ, ਨਿਵੇਸ਼ ਅਤੇ ਆਰਥਿਕ ਵਿਕਾਸ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਨਾ ਸਿਰਫ਼ ਸੂਬੇ ਨੂੰ ਤੇਜ਼ ਤਰੱਕੀ ਦੀ ਦਿਸ਼ਾ ਵਿੱਚ ਲੈ ਕੇ ਜਾਵੇਗਾ, ਸਗੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗਾ। ਉਨ੍ਹਾਂ ਦੇ ਅਨੁਸਾਰ, ਅਜਿਹੇ ਸਮਾਗਮ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹੋ ਰਹੇ ਪਰਵਾਸ ਨੂੰ ਘਟਾਉਣ ਅਤੇ ਸੂਬੇ ਵਿੱਚ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਬਹੁਤ ਜ਼ਰੂਰੀ ਹਨ।

ਜਮਹੂਰੀ ਪ੍ਰਣਾਲੀ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਲਈ ਬਹੁਤ ਕੀਮਤੀ ਹੈ ਅਤੇ ਹਰ ਕਿਸੇ ਨੂੰ ਇਸਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਆਵਾਜ਼ ਸੁਣੀ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦਾ ਸਨਮਾਨ ਕਰਨਾ ਸਮਾਜ ਦੀ ਭਲਾਈ ਲਈ ਲਾਜ਼ਮੀ ਹੈ।

ਰਾਜਨੀਤੀ ਵਿੱਚ ਬਦਲਾਅ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ Aam Aadmi Party ਦੇ ਸੱਤਾ ਵਿੱਚ ਆਉਣ ਨਾਲ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਵਿੱਚ ਵੀ ਵੱਡਾ ਬਦਲਾਅ ਆਇਆ ਹੈ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਮੁੱਦਾ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਸੀ, ਪਰ ਹੁਣ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਮੁੱਦੇ ਕੇਂਦਰ ਵਿੱਚ ਆ ਗਏ ਹਨ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਤਰੱਕੀ ਲਈ ਬਰਾਬਰ ਮੌਕੇ ਵਾਲਾ ਮੁਕਾਬਲਾ ਲਾਜ਼ਮੀ ਹੈ ਅਤੇ ਏਕਾਧਿਕਾਰ ਨੂੰ ਕਿਸੇ ਵੀ ਹਾਲਤ ਵਿੱਚ ਪ੍ਰੋਤਸਾਹਨ ਨਹੀਂ ਮਿਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਬੇਸ਼ੁਮਾਰ ਅਜਿਹੀਆਂ ਮਿਸਾਲਾਂ ਹਨ ਜਿੱਥੇ ਆਮ ਪਿਛੋਕੜ ਵਾਲੇ ਲੋਕਾਂ ਨੇ ਮਿਹਨਤ ਅਤੇ ਲਗਨ ਨਾਲ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਹਨ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਵਿਭਿੰਨਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ ਇੱਕ ਗੁਲਦਸਤੇ ਵਿੱਚ ਵੱਖ-ਵੱਖ ਕਿਸਮ ਦੇ ਫੁੱਲ ਉਸਦੀ ਖੂਬਸੂਰਤੀ ਵਧਾਉਂਦੇ ਹਨ, ਉਸੇ ਤਰ੍ਹਾਂ ਪੰਜਾਬ ਦੀ ਵਿਭਿੰਨਤਾ ਇਸਨੂੰ ਵਿਲੱਖਣ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ।

ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ ਅਤੇ ਅਨਿਆਇ ਦੇ ਖ਼ਿਲਾਫ਼ ਖੜ੍ਹੇ ਹੋਣ ਦੀ ਪ੍ਰੇਰਣਾ ਦਿੱਤੀ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਮਹਿਮਾਨਨਿਵਾਜ਼ੀ ਦੁਨੀਆ ਭਰ ਵਿੱਚ ਮਸ਼ਹੂਰ ਹੈ ਅਤੇ ਪੰਜਾਬੀ ਆਪਣੇ ਹੌਸਲੇ, ਮਿਹਨਤ ਅਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ।

ਪਹਿਲੀਆਂ ਸਰਕਾਰਾਂ ਤੋਂ ਮਿਲੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਕਰਜ਼ੇ, ਸ਼ਿਕਾਇਤਾਂ ਅਤੇ ਮਾੜੇ ਪ੍ਰਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਸਰਕਾਰ ਸੂਬੇ ਨੂੰ ਮੁੜ ਤਰੱਕੀ ਦੀ ਰਾਹ ‘ਤੇ ਲਿਆਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਉਦਯੋਗਪਤੀਆਂ ਨੂੰ ਜ਼ਬਰਦਸਤੀ ਸਮਝੌਤਿਆਂ ਲਈ ਮਜਬੂਰ ਕਰਨ ਦੀ ਪੁਰਾਣੀ ਪ੍ਰਥਾ ਖਤਮ ਹੋ ਚੁੱਕੀ ਹੈ ਅਤੇ ਸਰਕਾਰ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਕਾਰਾਤਮਕ ਮਾਹੌਲ ਤਿਆਰ ਕਰ ਰਹੀ ਹੈ।

ਨਿਵੇਸ਼ਕਾਂ ਦੀ ਭਾਗੀਦਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੰਮੇਲਨ ਵਿੱਚ ਸ਼ਾਮਲ ਹੋਏ ਉਦਯੋਗਪਤੀ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਉਤਸਾਹ ਨਾਲ ਅੱਗੇ ਆ ਰਹੇ ਹਨ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ।

ਰੋਜ਼ਗਾਰ ਅਤੇ ਉਦਯੋਗ ‘ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸਹਿਯੋਗ ਨਾਲ ਇਹ ਟੀਚੇ ਜਲਦੀ ਹਾਸਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਆ ਜਾ ਸਕੇ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਸਕਣ।

ਉਨ੍ਹਾਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਦੂਤ ਵਜੋਂ ਕੰਮ ਕਰਦੇ ਹੋਏ ਸੂਬੇ ਵਿੱਚ ਕਾਰੋਬਾਰ ਕਰਨ ਲਈ ਮੌਜੂਦ ਅਨੁਕੂਲ ਮਾਹੌਲ ਅਤੇ ਸਹੂਲਤਾਂ ਬਾਰੇ ਆਪਣੇ ਸਾਥੀਆਂ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਦੇਸ਼ ਦਾ ਇੱਕ ਵੱਡਾ ਉਦਯੋਗਿਕ ਕੇਂਦਰ ਬਣਾਉਣਾ ਹੈ।

ਸਮਾਗਮ ਦੇ ਸਫਲ ਆਯੋਜਨ ਲਈ ਉਨ੍ਹਾਂ Invest Punjab ਅਤੇ ਇਸ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਸ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਉਦਯੋਗ ਜਗਤ ਦੇ ਆਗੂਆਂ ਦਾ ਵੀ ਧੰਨਵਾਦ ਕੀਤਾ ਜੋ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ।

ਇਸ ਮੌਕੇ ਕੈਬਨਿਟ ਮੰਤਰੀ Sanjeev Arora, Harbhajan Singh ETO ਅਤੇ Barinder Kumar Goyal, ਮੁੱਖ ਸਕੱਤਰ KAP Sinha ਸਮੇਤ ਹੋਰ ਸ਼ਖਸੀਅਤਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Leave a Reply

Your email address will not be published. Required fields are marked *