
ਸ੍ਰੀ ਮੁਕਤਸਰ ਸਾਹਿਬ, 18 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸ ਕੜੀ ਵਿੱਚ ਅੱਜ ਇੱਕ ਨਸ਼ਾ ਤਸਕਰ ਵੱਲੋਂ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਸਿਵਲ ਪ੍ਰਸ਼ਾਸਨ ਦੀ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਆਦਰਸ਼ ਨਗਰ ਵਿੱਚ ਗੌਰੀ ਰਾਣੀ ਪਤਨੀ ਦੀਸ਼ਾ ਵੱਲੋਂ ਗਲੀ ਨੰਬਰ 04 ਵਿੱਚ ਗੈਰਕਾਨੂੰਨੀ ਤੌਰ ‘ਤੇ ਇਮਾਰਤ ਤਿਆਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਦੇ ਹੁਕਮ ਮਿਲਣ ਉਪਰੰਤ ਪੁਲਿਸ ਦੀ ਮਦਦ ਨਾਲ ਮੌਕੇ ‘ਤੇ ਕਾਨੂੰਨ-ਵਿਵਸਥਾ ਬਣਾਈ ਰੱਖਦੇ ਹੋਏ ਕਾਰਵਾਈ ਕੀਤੀ ਗਈ। ਪੂਰੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਸ ਇਮਾਰਤ ਨੂੰ ਢਾਹਿਆ ਗਿਆ।
ਇਸ ਮਾਮਲੇ ਵਿੱਚ ਐਸ.ਪੀ (ਡੀ) ਮਨਮੀਤ ਢਿੱਲੋਂ ਨੇ ਦੱਸਿਆ ਕਿ ਗੌਰੀ ਰਾਣੀ ਪਤਨੀ ਦੀਸ਼ਾ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ ਦੋ ਕੇਸ ਦਰਜ ਹਨ।
ਉਨ੍ਹਾਂ ਹੋਰ ਦੱਸਿਆ ਕਿ ਐਸ.ਐਸ.ਪੀ Abhimanyu Rana ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਜਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਨਸ਼ਿਆਂ ਰਾਹੀਂ ਜਾਇਦਾਦ ਬਣਾਏਗਾ, ਉਸਦੀ ਸੰਪਤੀ ਨੂੰ ਕੰਪੀਟੈਂਟ ਅਥਾਰਟੀ ਵੱਲੋਂ ਅਟੈਚ ਕਰਵਾਇਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਨਸ਼ਾ ਤਸਕਰੀ ਬਾਰੇ ਜਾਣਕਾਰੀ ਮਿਲੇ ਤਾਂ ਬੇਝਿਜਕ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡੀ.ਐਸ.ਪੀ ਬਚਨ ਸਿੰਘ, ਡੀਐਸਪੀ (ਡੀ) ਰਸ਼ਪਾਲ ਸਿੰਘ, ਡੀਐਸਪੀ (H&F) ਰਾਜੇਸ਼ ਠਾਕੁਰ, ਇੰਸਪੈਕਟਰ ਜਸਕਰਨਦੀਪ ਸਿੰਘ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
