Wednesday, July 29Punjabi People

ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਕੇ ਉਭਰਿਆ

ਚੰਡੀਗੜ੍ਹ, 19 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਅਗੇਤਾਰ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਵਿੱਚ ਕਰਵਾਏ ਗਏ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਏਆਈਐਫ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਵਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਅਧੀਨ ਫਰਵਰੀ 2026 ਤੱਕ ਸੂਬੇ ਵਿੱਚ 32,823 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਇਨ੍ਹਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਵਾਉਣ ਵਾਲੇ ਦੇਸ਼ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚੋਂ 8 ਜ਼ਿਲ੍ਹੇ ਪੰਜਾਬ ਦੇ ਹਨ। ਇਨ੍ਹਾਂ ਵਿੱਚ ਲੁਧਿਆਣਾ (3,650 ਪ੍ਰੋਜੈਕਟ), ਸੰਗਰੂਰ (3,155), ਬਠਿੰਡਾ (3,049), ਪਟਿਆਲਾ (2,970), ਫਾਜ਼ਿਲਕਾ (2,844), ਸ੍ਰੀ ਮੁਕਤਸਰ ਸਾਹਿਬ (2,246), ਮੋਗਾ (1,758) ਅਤੇ ਫਿਰੋਜ਼ਪੁਰ (1,680) ਸ਼ਾਮਲ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੀਕਾ) ਦੀ ਸਹਾਇਤਾ ਨਾਲ ਕਰੀਬ 1,300 ਕਰੋੜ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਨੂੰ ਅਗਲੇ 10 ਸਾਲਾਂ ਦੌਰਾਨ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਨੂੰ ਸਤੰਬਰ 2024 ਅਤੇ ਜਨਵਰੀ 2026 ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਸਨਮਾਨ ਮਿਲਿਆ ਹੈ। ਸਮਾਗਮ ਦੌਰਾਨ ਸਫਲਤਾ ਦੀਆਂ ਕਹਾਣੀਆਂ ‘ਤੇ ਆਧਾਰਿਤ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਸ ਤੋਂ ਪਹਿਲਾਂ ਬਾਗਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਵੱਲੋਂ ਵੀ ਸਕੀਮ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਏਆਈਐਫ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਡਿਪਟੀ ਡਾਇਰੈਕਟਰ ਬਾਗਬਾਨੀ, ਲੀਡ ਜ਼ਿਲ੍ਹਾ ਮੈਨੇਜਰਾਂ ਅਤੇ ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਸਟੇਟ ਬੈਂਕ ਆਫ਼ ਇੰਡੀਆ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਮਿਲਿਆ। ਇਸ ਦੇ ਨਾਲ ਹੀ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਯੂਨੀਅਨ ਬੈਂਕ ਆਫ਼ ਇੰਡੀਆ, ਪੰਜਾਬ ਗ੍ਰਾਮੀਣ ਬੈਂਕ ਅਤੇ ਐਚਡੀਐਫਸੀ ਬੈਂਕ ਨੂੰ ਵੀ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਬੈਂਕਿੰਗ ਅਤੇ ਕਰਜ਼ਾ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਦੇ ਰਾਜ ਪੱਧਰੀ ਪ੍ਰਤਿਨਿਧੀ, ਕਿਸਾਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *