
ਚੰਡੀਗੜ੍ਹ, 19 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜੈਤੋ ਮੰਡੀ (ਜ਼ਿਲ੍ਹਾ ਫਰੀਦਕੋਟ) ਵਿੱਚ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਘਣੀਆ (ਜ਼ਿਲ੍ਹਾ ਫਰੀਦਕੋਟ) ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਹੋਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀ ਦੇ ਤੌਰ ‘ਤੇ ਕੰਮ ਕਰਦਾ ਹੈ ਅਤੇ ਦੋਸ਼ੀ ਇੰਸਪੈਕਟਰ ਵੱਲੋਂ ਆੜਤੀਆਂ ਤੋਂ ਫਸਲ ਦੀ ਖਰੀਦ ਕੀਤੀ ਜਾਂਦੀ ਹੈ। ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 18,500 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਧਮਕੀ ਦਿੱਤੀ ਸੀ ਕਿ ਜੇ ਰਕਮ ਨਾ ਦਿੱਤੀ ਗਈ ਤਾਂ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕੀ ਜਾਵੇਗੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਫਸਲਾਂ ਵਿੱਚ ਜਾਣਬੁੱਝ ਕੇ ਖਾਮੀਆਂ ਕੱਢਦਾ ਸੀ।
ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
