
ਚੰਡੀਗੜ੍ਹ, 20 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ ਦੋ ਮਹੀਨੇ ਪੂਰੇ ਕਰ ਲਏ ਹਨ। ਇਸ ਅਰਸੇ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇ ਮਾਰ ਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸੰਬੰਧਤ ਅਪਰਾਧੀਆਂ ਸਮੇਤ ਕੁੱਲ 15,683 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਸੂਬੇ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 309 ਹਥਿਆਰ, 929 ਜਿੰਦਾ ਕਾਰਤੂਸ, 94 ਮੈਗਜ਼ੀਨ, 132 ਤੇਜ਼ਧਾਰ ਹਥਿਆਰ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।
ਇਸ ਤੋਂ ਇਲਾਵਾ, 7,831 ਲੋਕਾਂ ਵਿਰੁੱਧ ਰੋਕਥਾਮੀ ਕਾਰਵਾਈ ਕੀਤੀ ਗਈ ਹੈ, ਜਦਕਿ 13,132 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਇਸ ਮੁਹਿੰਮ ਦੌਰਾਨ 745 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਹੈ।
ਮੁਹਿੰਮ ਦੇ 59ਵੇਂ ਦਿਨ, 599 ਥਾਵਾਂ ‘ਤੇ ਛਾਪੇ ਮਾਰ ਕੇ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 59 ਲੋਕਾਂ ਵਿਰੁੱਧ ਰੋਕਥਾਮੀ ਕਾਰਵਾਈ ਕੀਤੀ ਗਈ ਅਤੇ 5 ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।
ਇਸਦੇ ਨਾਲ ਹੀ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ 384ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ 182 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 5.1 ਕਿਲੋਗ੍ਰਾਮ ਹੈਰੋਇਨ, 1,717 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 88,603 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ, 384 ਦਿਨਾਂ ਵਿੱਚ ਕੁੱਲ 54,781 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਅੱਜ 79 ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ ਹੈ।
