Wednesday, July 29Punjabi People

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ 1.91 ਲੱਖ ਤੋਂ ਵੱਧ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਮਾਰਚ 2026: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਕਸਦ ਨੂੰ ਅੱਗੇ ਵਧਾਉਂਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਕੀਮ ਦੇ ਮਨੁੱਖੀ ਪੱਖ ਬਾਰੇ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਕਿਰਣ ਹੈ। ਇਸ ਨਾਲ ਕਈ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਪੈਸਿਆਂ ਦੀ ਘਾਟ ਕਾਰਨ ਪੜ੍ਹਾਈ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਇਸ ਸਾਲ 2.70 ਲੱਖ ਵਿਦਿਆਰਥੀਆਂ ਨੂੰ ਸਕੀਮ ਦੇ ਦਾਇਰੇ ਵਿੱਚ ਲਿਆਉਣ ਦਾ ਟੀਚਾ ਰੱਖਿਆ ਗਿਆ ਸੀ, ਜਦਕਿ ਹੁਣ ਤੱਕ 2,72,093 ਅਰਜ਼ੀਆਂ ਮਿਲ ਚੁੱਕੀਆਂ ਹਨ। ਇਸ ਨਾਲ ਲੋਕਾਂ ਵਿੱਚ ਸਕੀਮ ਪ੍ਰਤੀ ਵਧਦੀ ਸੂਝ ਅਤੇ ਭਰੋਸਾ ਸਾਫ਼ ਤੌਰ ‘ਤੇ ਦਰਸਦਾ ਹੈ।

ਮੰਤਰੀ ਨੇ ਇਹ ਵੀ ਕਿਹਾ ਕਿ ਸਕੀਮ ਦੇ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਰਕਮ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਸਾਲ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਰਾਹੀਂ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।

Leave a Reply

Your email address will not be published. Required fields are marked *