
ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 501 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਵਿਆਪਕ ਛਾਪੇਮਾਰੀ ਕੀਤੀ ਗਈ।
ਇਹ ਯਾਦ ਰਹੇ ਕਿ “ਗੈਂਗਸਟਰਾਂ ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇੱਕ ਵੱਡਾ ਅਭਿਆਨ ਹੈ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 63ਵੇਂ ਦਿਨ ਪੁਲਿਸ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 50 ਲੋਕਾਂ ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।
ਇਸਦੇ ਨਾਲ ਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 388ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਨੇ 104 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ 1.3 ਕਿਲੋ ਅਫੀਮ, 5 ਕਿਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,740 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 55,297 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਨਸ਼ਾ ਛੁਡਾਊ ਉਪਰਾਲਿਆਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਤਿਆਰ ਕੀਤਾ।
