
ਚੰਡੀਗੜ੍ਹ/ਲੁਧਿਆਣਾ, 24 ਮਾਰਚ 2026: ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਵਿਕਾਸ ਪ੍ਰਾਜੈਕਟ ਮਨਜ਼ੂਰ ਕੀਤੇ ਹਨ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਵਿਸ਼ਾਲ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਵਿੱਚ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਲਈ 13.36 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਮਨਜ਼ੂਰ ਹੋਇਆ ਹੈ। ਇਸ ਤਹਿਤ 1.80 ਕਿਲੋਮੀਟਰ ਲੰਬਾ ਮੁੱਖ (ਇੰਟਰਸੈਪਟਿੰਗ) ਸੀਵਰ ਅਤੇ 18.13 ਕਿਲੋਮੀਟਰ ਲੈਟਰਲ ਸੀਵਰ ਲਾਈਨਾਂ ਵਿਛਾਈਆਂ ਜਾਣਗੀਆਂ ਅਤੇ 670 ਘਰਾਂ ਨੂੰ ਸੀਵਰੇਜ ਕੁਨੈਕਸ਼ਨ ਦਿੱਤੇ ਜਾਣਗੇ। ਨਾਲ ਹੀ ਇੱਕ ਮੁੱਖ ਪੰਪਿੰਗ ਸਟੇਸ਼ਨ ਬਣਾਇਆ ਜਾਵੇਗਾ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹ ਮੰਗ ਪਿੰਡ ਦੀ ਪੰਚਾਇਤ ਅਤੇ ਸ੍ਰੀ ਭੈਣੀ ਸਾਹਿਬ ਸੰਪ੍ਰਦਾਇ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਰੱਖੀ ਗਈ ਸੀ। ਵਧਦੀ ਆਬਾਦੀ ਅਤੇ ਪੁਰਾਣੀ ਹੋ ਚੁੱਕੀ ਸੀਵਰੇਜ ਪ੍ਰਣਾਲੀ ਕਾਰਨ ਨਵੀਂ ਸੀਵਰੇਜ ਅਤੇ ਪਾਣੀ ਸਪਲਾਈ ਪ੍ਰਣਾਲੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।
ਉਨ੍ਹਾਂ ਹੋਰ ਦੱਸਿਆ ਕਿ 9 ਜਨਵਰੀ 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਨੀਅਰ ਅਧਿਕਾਰੀਆਂ ਨਾਲ ਪਿੰਡ ਦਾ ਦੌਰਾ ਕੀਤਾ ਸੀ। ਦੌਰੇ ਦੌਰਾਨ ਸਾਹਮਣੇ ਆਇਆ ਕਿ 2001-02 ਵਿੱਚ ਲਗਾਇਆ ਗਿਆ ਮੌਜੂਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਿੰਡ ਵਿੱਚ ਕਿਸੇ ਵੀ ਕਿਸਮ ਦੀ ਗੰਦਗੀ ਸਫਾਈ ਸਹੂਲਤ ਮੌਜੂਦ ਨਹੀਂ ਹੈ।
ਇਸੇ ਤਰ੍ਹਾਂ, ਇੱਕ ਹੋਰ ਅਹਿਮ ਫੈਸਲੇ ਅਧੀਨ ਪੰਜਾਬ ਸਰਕਾਰ ਨੇ ਸਾਹਨੇਵਾਲ ਵਿੱਚ ਨਵਾਂ ਸਬ-ਤਹਿਸੀਲ ਕੰਪਲੈਕਸ ਬਣਾਉਣ ਲਈ 10.64 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਪ੍ਰਾਜੈਕਟ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਗਮ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਕੇਂਦ੍ਰਿਤ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਵਾਂ ਕੰਪਲੈਕਸ ਸਾਹਨੇਵਾਲ ਅਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਲ ਵਿਭਾਗ ਅਤੇ ਹੋਰ ਪ੍ਰਸ਼ਾਸਨਿਕ ਕੰਮਾਂ ਲਈ ਲੁਧਿਆਣਾ ਜਾਣ ਦੀ ਲੋੜ ਤੋਂ ਰਾਹਤ ਦੇਵੇਗਾ। ਇਸ ਨਾਲ ਕੇਸਾਂ ਦੇ ਤੇਜ਼ ਨਿਪਟਾਰੇ, ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਧੁਨਿਕ ਪ੍ਰਣਾਲੀ ਰਾਹੀਂ ਮਾਲੀਆ ਇਕੱਠਾ ਕਰਨ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸਾਹਨੇਵਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਅਰਧ-ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲਗਾਤਾਰ ਵਚਨਬੱਧ ਹੈ।
