Saturday, May 23Punjabi People

ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦੇ ਹਰ ਨਾਗਰਿਕ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ

ਬਰਨਾਲਾ, 24 ਮਾਰਚ 2026: ਡਾ. ਸਤਨਾਮ ਸਿੰਘ ਔਜਲਾ, ਸੀਨੀਅਰ ਮੈਡੀਕਲ ਅਧਿਕਾਰੀ, ਕਮਿਊਨਿਟੀ ਹੈਲਥ ਸੈਂਟਰ ਧਨੌਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਬਣਾਏ ਜਾਣ ਵਾਲੇ ਕਾਰਡਾਂ ਦੀ ਤਿਆਰੀ ਦੇ ਕੰਮ ਨੂੰ ਹੋਰ ਤੇਜ਼ ਕਰਨ।

ਮਲਟੀਪਰਪਜ਼ ਹੈਲਥ ਵਰਕਰਾਂ ਨਾਲ ਹੋਈ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਕਾਰਡ ਬਣਵਾਉਣ ਵਿੱਚ ਸਹਾਇਤਾ ਕਰਨ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਧਨੌਲਾ ਬਲਾਕ ਦੇ ਸਮੂਹ ਸਟਾਫ਼ ਨੂੰ ਨਿਰਦੇਸ਼ ਦਿੱਤਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ 31 ਮਾਰਚ ਤੱਕ ਹਰ ਹਾਲਤ ਵਿੱਚ ਪੂਰੀ ਕੀਤੀ ਜਾਵੇ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕਾਰਡ ਬਣਾਉਣ ਦੀ ਮੁਹਿੰਮ ਜ਼ੋਰਾਂ ’ਤੇ ਹੈ ਅਤੇ ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਾਸ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਾਂਝ ਸੇਵਾ ਕੇਂਦਰਾਂ (ਸੀ.ਐੱਸ.ਸੀ) ’ਤੇ ਵੀ ਕਾਰਡ ਬਣਾਉਣ ਦੀ ਸੁਵਿਧਾ ਉਪਲਬਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਂਦੇ ਹਨ ਅਤੇ ਇਸ ਲਈ ਕੋਈ ਫੀਸ ਨਹੀਂ ਲਈ ਜਾਂਦੀ।

ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਧਨੌਲਾ ਬਲਾਕ ਵਿੱਚ ਇਸ ਹਫ਼ਤੇ ਵਿਸ਼ੇਸ਼ ਕੈਂਪ ਕੱਟੂ, ਅਸਪਾਲ ਕਲਾਂ, ਕਰਮਗੜ੍ਹ ਅਤੇ ਬਾਜਵਾ ਪੱਤੀ ਵਿੱਚ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਰਡ ਬਣਵਾਉਣ ਵਿੱਚ ਦੇਰੀ ਨਾ ਕਰਨ, ਤਾਂ ਜੋ ਪਰਿਵਾਰ ਵਿੱਚ ਬਿਮਾਰੀ ਦੀ ਸਥਿਤੀ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਜਾ ਸਕੇ।

ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪਰਵਿੰਦਰ ਸਿੰਘ, ਹਰਜਿੰਦਰ ਸਿੰਘ, ਦਰਸ਼ਪ੍ਰੀਤ ਸਿੰਘ, ਵਿਸ਼ਵਜੀਤ ਗਰਗ ਅਤੇ ਮਲਟੀਪਰਪਜ਼ ਹੈਲਥ ਵਰਕਰ ਲਖਵਿੰਦਰ ਸਿੰਘ ਸਮੇਤ ਹੋਰ ਸਿਹਤ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *