
ਚੰਡੀਗੜ੍ਹ, 25 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਤਹਿਸੀਲ ਨਾਭਾ ਦੇ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਸਬੰਧੀ ਸਾਲ 2023 ਵਿੱਚ ਖਾਲਿਸਤਾਨੀ ਗਤੀਵਿਧੀਆਂ ਨਾਲ ਜੁੜੀ ਜਾਂਚ ਹੋਈ ਸੀ। ਇਸ ਮਾਮਲੇ ਵਿੱਚ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾ ਕੇ ਦਬਾਅ ਬਣਾਇਆ ਅਤੇ ਦਾਅਵਾ ਕੀਤਾ ਕਿ ਉਹ ਵੀ ਇਸ ਗਤੀਵਿਧੀ ਨਾਲ ਜੁੜਿਆ ਹੋਇਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਦੇ ਬਦਲੇ 20,000 ਰੁਪਏ ਦੀ ਮੰਗ ਕੀਤੀ, ਜੋ ਉਸਦੇ ਵਿਦੇਸ਼ ਜਾਣ ਲਈ ਜ਼ਰੂਰੀ ਸੀ।
ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
