Wednesday, July 29Punjabi People

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਚਾਰ ਸਾਲਾਂ ਵਿੱਚ ਪੂਰੇ ਕਰਕੇ ਇਤਿਹਾਸ ਰਚਿਆ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 26 ਮਾਰਚ 2026: ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਕਿਸੇ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਸਿਰਫ਼ ਚਾਰ ਸਾਲਾਂ ਵਿੱਚ, ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਕਰ ਕੇ ਇਕ ਨਵਾਂ ਮਿਸਾਲ ਕਾਇਮ ਕੀਤਾ ਹੈ।

ਇਹ ਗੱਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿੱਚ ਕਰਵਾਏ ਪ੍ਰੋਗਰਾਮਾਂ ਦੌਰਾਨ ਕਹੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਰੰਟੀ, ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਸਹਾਇਤਾ, ਸਕੂਲ ਆਫ ਐਮੀਨੈਂਸ ਰਾਹੀਂ ਉੱਚ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਖੇਤੀ ਲਈ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਨਾਲ ਹੀ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਕਰੀਬ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਖਪਤ ਘਟੀ ਹੈ ਅਤੇ ਇਸ ਦਾ ਪੱਧਰ ਸੁਧਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ 2022 ਵਿੱਚ ਨਹਿਰੀ ਸਿੰਚਾਈ ਸਿਰਫ਼ 26.50 ਫੀਸਦੀ ਸੀ, ਜੋ ਹੁਣ ਵੱਧ ਕੇ 78 ਫੀਸਦੀ ਹੋ ਗਈ ਹੈ ਅਤੇ ਇਸ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਇਹ 86 ਫੀਸਦੀ ਤੱਕ ਪਹੁੰਚਣ ਦੀ ਸੰਭਾਵਨਾ ਹੈ। 1,446 ਪਿੰਡਾਂ ਤੱਕ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ।

ਸੂਬੇ ਦੇ ਕਰੀਬ 90 ਫੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਅਧਾਰਿਤ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਨਾਲ ਹੀ ਲੋੜਵੰਦ ਪਰਿਵਾਰਾਂ ਲਈ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਵੀ ਲਾਗੂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਪਹਿਲਾਂ 4 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਗਿਆ ਸੀ, ਜਿਸ ਨਾਲ 2025 ਦੇ ਹੜ੍ਹਾਂ ਦੌਰਾਨ ਵੱਡਾ ਨੁਕਸਾਨ ਹੋਣ ਤੋਂ ਬਚਾਵ ਹੋਇਆ। ਹੁਣ ਇਸ ਕੰਮ ਲਈ ਹੋਰ ਕਰੀਬ 12.42 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਉਨ੍ਹਾਂ ਨੇ ਇਤਿਹਾਸਕ ਕਦਮ ਦੱਸਿਆ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਪਨੇ ਪੂਰੇ ਹੋਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਰਕਸੰਗਤ ਮਾਈਨਿੰਗ ਨੀਤੀ ਲਾਗੂ ਕੀਤੀ ਗਈ ਹੈ, ਜਿਸ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਫ਼ਾਇਦਾ ਹੋ ਰਿਹਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਹੁਣ ਜਦੋਂ ਉਹ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕਾਂ ਵੱਲੋਂ ਕੋਈ ਵੱਡੀ ਮੰਗ ਨਹੀਂ ਆਉਂਦੀ, ਸਗੋਂ ਲੋਕ ਸਰਕਾਰ ਦਾ ਧੰਨਵਾਦ ਕਰਦੇ ਹਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਵਾਸੀ ਮੌਜੂਦ ਸਨ।

Leave a Reply

Your email address will not be published. Required fields are marked *