
ਚੰਡੀਗੜ੍ਹ, 27 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਤ ਪਛਾਣੇ ਅਤੇ ਮੈਪ ਕੀਤੇ 531 ਥਾਵਾਂ ‘ਤੇ ਛਾਪੇ ਮਾਰੇ।
ਇਹ ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇੱਕ ਵੱਡੀ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਰਾਜ ਪੱਧਰ ‘ਤੇ ਖ਼ਾਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
66ਵੇਂ ਦਿਨ ਦੌਰਾਨ ਪੁਲਿਸ ਨੇ 167 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 17,172 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 62 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਦਮ ਚੁੱਕੇ ਗਏ ਹਨ, ਜਦਕਿ 353 ਲੋਕਾਂ ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਰਾਹੀਂ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ।
ਇਸੇ ਸਮੇਂ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 391ਵੇਂ ਦਿਨ ਵੀ ਜਾਰੀ ਰੱਖਦੇ ਹੋਏ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.5 ਕਿਲੋ ਅਫੀਮ, 77 ਕਿਲੋ ਭੁੱਕੀ, 11,412 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 22,980 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ 391 ਦਿਨਾਂ ਵਿੱਚ ਕੁੱਲ 55,682 ਨਸ਼ਾ ਤਸਕਰ ਗ੍ਰਿਫ਼ਤਾਰ ਹੋ ਚੁੱਕੇ ਹਨ।
ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 94 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਵੀ ਕੀਤਾ ਹੈ।
