
ਲਹਿਰਾਗਾਗਾ, 27 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਚੱਲ ਰਹੀ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਅਤੇ ਹੋਰ ਇਲਾਕਿਆਂ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲ ਪੰਜਾਬ ਲਈ ਤਰੱਕੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।
ਵੱਡੀਆਂ ਸਭਾਵਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਹੇਠ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਪਹਿਲੀ ਵਾਰ ਦਿਨ ਦੇ ਸਮੇਂ ਬਿਜਲੀ ਸਪਲਾਈ ਅਤੇ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਪ੍ਰਕਿਰਿਆ ਰਾਹੀਂ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਸ਼੍ਰੀ ਗੋਇਲ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਕਮ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।
ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੜਕਾਂ ਦੇ ਸੁਧਾਰ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 50 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਪ੍ਰਦਾਨ ਕਰਨ ਦੀ ਯੋਜਨਾ ਲਾਗੂ ਕੀਤੀ ਗਈ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਜਤਾਈ।
