
ਨੰਗਲ, 30 ਮਾਰਚ 2026: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ, ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੇ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੇ ਵਿਕਾਸੀ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ, ਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ ਲਈ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਨੰਗਲ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਐਨਐਫਐਲ ਗਰਾਊਂਡ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਮਹੱਤਵਪੂਰਨ ਯੋਜਨਾਵਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ। ਇਸ ਯੋਜਨਾ ਨਾਲ ਸ਼ਹਿਰ ਦੇ ਦੋਹਾਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸਾਫ ਪਾਣੀ ਪ੍ਰਦਾਨ ਕੀਤਾ ਜਾਵੇਗਾ, ਜਿਸ ਨਾਲ ਪਾਣੀ ਦੀ ਘਾਟ ਵਾਲੇ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਜ਼ਮੀਨੀ ਪਾਣੀ ਦੀ ਗੁਣਵੱਤਾ ਵਿੱਚ ਆ ਰਹੀ ਕਮੀ ਨੂੰ ਵੀ ਰੋਕਿਆ ਜਾ ਸਕੇਗਾ ਅਤੇ ਬਿਮਾਰੀਆਂ ਵਿੱਚ ਘਟਾਅ ਆਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦ ਕੈਪਟਨ ਮਨਮੋਹਨ ਕਾਲੀਆ ਦੀ ਯਾਦ ਵਿੱਚ ਨੰਗਲ ਵਿੱਚ ਇੱਕ ਆਧੁਨਿਕ ਸੈਂਟਰ ਆਫ ਐਕਸੀਲੈਂਸ ਬਣਾਇਆ ਜਾਵੇਗਾ, ਜਿੱਥੇ ਨੌਜਵਾਨਾਂ ਨੂੰ ਨਵੀਂ ਤਕਨੀਕ ਅਤੇ ਹੁਨਰ ਵਿਕਾਸ ਨਾਲ ਸੰਬੰਧਿਤ ਕੋਰਸਾਂ ਦੀ ਸਹੂਲਤ ਮਿਲੇਗੀ। ਇਹ ਕੇਂਦਰ ਨੌਜਵਾਨਾਂ ਨੂੰ ਰੋਜ਼ਗਾਰ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਤਹਿਤ ਇੱਕ ਪ੍ਰਸਿੱਧ ਸਕੂਲ ਨੂੰ ਅਪਗ੍ਰੇਡ ਕਰਕੇ ਡਾ. ਬੀ.ਆਰ. ਅੰਬੇਡਕਰ ਦੇ ਨਾਮ ਨਾਲ ਜੋੜਿਆ ਜਾਵੇਗਾ। ਇਸ ਸਕੂਲ ਵਿੱਚ 500 ਸੀਟਾਂ ਵਾਲਾ ਆਧੁਨਿਕ ਆਡੀਟੋਰੀਅਮ ਅਤੇ ਲਗਭਗ 8 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਚਾਰ ਮੰਜ਼ਿਲਾ ਬਲਾਕ ਤਿਆਰ ਕੀਤਾ ਜਾਵੇਗਾ। ਕੁੱਲ ਤੌਰ ’ਤੇ ਇਸ ਪ੍ਰੋਜੈਕਟ ’ਤੇ ਕਰੀਬ 25 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਇਹ ਸੰਸਥਾ ਉੱਤਰੀ ਭਾਰਤ ਦੇ ਉੱਤਮ ਸਕੂਲਾਂ ਵਿੱਚ ਸ਼ਾਮਲ ਹੋਵੇਗੀ।
ਇਸ ਤੋਂ ਇਲਾਵਾ, ਸਤਲੁਜ ਦਰਿਆ ਉੱਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਤਿਆਰ ਕੀਤਾ ਜਾਵੇਗਾ, ਜਿਸ ਨਾਲ ਨੰਗਲ ਵਿੱਚ ਟੂਰਿਜ਼ਮ ਨੂੰ ਵੱਡਾ ਬਲ ਮਿਲੇਗਾ। ਇਹ ਪ੍ਰੋਜੈਕਟ ਸ਼ਹਿਰ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਹਰ ਰੋਜ਼ ਬਹੁਤ ਸਾਰੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਇਸ ਨਾਲ ਸਥਾਨਕ ਵਪਾਰ, ਰੋਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਵਿੱਚ ਵੀ ਵਾਧਾ ਹੋਵੇਗਾ।
ਕੈਬਨਿਟ ਮੰਤਰੀ ਨੇ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਨੂੰ ਸਵੇਰੇ 11 ਵਜੇ ਐਨਐਫਐਲ ਗਰਾਊਂਡ ਵਿੱਚ ਪਹੁੰਚ ਕੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣਨ।
