
ਚੰਡੀਗੜ੍ਹ, 30 ਮਾਰਚ 2026: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ Lal Chand Kataruchak ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਕਣਕ ਦੀ ਵਿਕਰੀ ਨੂੰ ਰੋਕਣ ਲਈ ਖਾਸ ਤੌਰ ‘ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੜੀ ਨਿਗਰਾਨੀ ਰੱਖੀ ਜਾਵੇ।
ਉਨ੍ਹਾਂ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਸਫਲ ਬਣਾਉਣ ਦੇ ਵਚਨ ਨੂੰ ਦੁਹਰਾਇਆ। ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ।
ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਤਿਆਰੀਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਹਰੇਕ ਮੰਡੀ ਵਿੱਚ ਸਫ਼ਾਈ, ਬਿਜਲੀ ਅਤੇ ਸਾਫ਼ ਪੀਣ ਵਾਲੇ ਪਾਣੀ ਦੇ ਯਥੋਚਿਤ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਅਪ੍ਰੈਲ ਮਹੀਨੇ ਲਈ ਸੂਬੇ ਨੂੰ 30,973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਇਸਦੇ ਨਾਲ ਹੀ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ, ਜਦਕਿ ਵਿਭਾਗ ਵੱਲੋਂ 132 ਲੱਖ ਮੀਟ੍ਰਿਕ ਟਨ ਤੱਕ ਖਰੀਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।
ਤਿਆਰੀਆਂ ਦੇ ਤਹਿਤ 1897 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ 266 ਹੋਰ ਆਰਜ਼ੀ ਯਾਰਡਾਂ ਦੇ ਪ੍ਰਸਤਾਵ ਮਿਲੇ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ।ਬਾਰਦਾਨੇ ਦੀ ਉਪਲਬਧਤਾ ਬਾਰੇ ਗੱਲ ਕਰਦਿਆਂ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਇਹ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਬਾਰਦਾਨਾ ਪ੍ਰਚੂਰ ਮਾਤਰਾ ਵਿੱਚ ਉਪਲਬਧ ਰਹੇ।
ਭੰਡਾਰਨ ਸਬੰਧੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਕੋਲ ਪਿਛਲੇ ਸੀਜ਼ਨਾਂ ਦੀ ਉਪਜ ਦੀ ਤੇਜ਼ੀ ਨਾਲ ਉਠਾਣ ਲਈ ਮਾਮਲਾ ਲਗਾਤਾਰ ਉਠਾਇਆ ਜਾ ਰਿਹਾ ਹੈ, ਤਾਂ ਜੋ ਆਉਣ ਵਾਲੀ ਫ਼ਸਲ ਲਈ ਯੋਗ ਸਟੋਰੇਜ ਉਪਲਬਧ ਹੋ ਸਕੇ। ਉਨ੍ਹਾਂ ਡੀ.ਐਫ.ਐਸ.ਸੀਜ਼ ਨੂੰ ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਇਸ ਬਾਰੇ ਮੁੱਖ ਦਫ਼ਤਰ ਨੂੰ ਜਾਣਕਾਰੀ ਦਿੰਦੇ ਰਹਿਣ ਲਈ ਕਿਹਾ।
ਮੰਤਰੀ ਨੇ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।
ਇਸਦੇ ਨਾਲ ਹੀ ਉਨ੍ਹਾਂ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਬਾਰੇ ਭਰੋਸਾ ਦਿੰਦਿਆਂ ਕਿਹਾ ਕਿ ਵਿਭਾਗ ਤੇਲ ਕੰਪਨੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਵਸਤਾਂ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਪਲਾਈ ਦੀ ਨਿਗਰਾਨੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 0172-2233001 ਨੰਬਰ ‘ਤੇ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਵੀ ਬਣਾਈਆਂ ਗਈਆਂ ਹਨ ਤਾਂ ਜੋ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਸੁਚਾਰੂ ਬਣੀ ਰਹੇ।
ਇਸ ਮੌਕੇ ਪ੍ਰਮੁੱਖ ਸਕੱਤਰ Rahul Tiwari, ਡਾਇਰੈਕਟਰ Varinder Kumar Sharma, ਵਧੀਕ ਡਾਇਰੈਕਟਰ Dr. Anjuman Bhaskar ਅਤੇ Ajayvir Singh Sarao ਸਮੇਤ ਹੋਰ ਅਧਿਕਾਰੀ ਮੌਜੂਦ ਸਨ।
