Saturday, May 23Punjabi People

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਦੇ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ 2026: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਨਿਰਬਲ ਵਰਗਾਂ ਦੀ ਭਲਾਈ ਲਈ ਲਗਾਤਾਰ ਪ੍ਰਯਾਸ ਕਰ ਰਹੀ ਹੈ। ਇਸੇ ਤਹਿਤ ਅਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਮਦਦ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਆਰਥਿਕ ਸਹਾਇਤਾ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਮਦਦਗਾਰ ਸਾਬਤ ਹੁੰਦੀ ਹੈ, ਜਿਸ ਨਾਲ ਪਰਿਵਾਰਾਂ ‘ਤੇ ਪੈਣ ਵਾਲਾ ਵਿੱਤੀ ਬੋਝ ਘੱਟਦਾ ਹੈ ਅਤੇ ਵਿਆਹ ਸਨਮਾਨ ਨਾਲ ਕਰਵਾਉਣ ਵਿੱਚ ਸਹੂਲਤ ਮਿਲਦੀ ਹੈ। ਇਸ ਸਕੀਮ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁੱਲ 4572 ਲਾਭਪਾਤਰੀਆਂ ਨੂੰ ਇਸ ਰਾਸ਼ੀ ਦਾ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਵੇਰਵਾ ਦਿੰਦਿਆਂ ਕਿਹਾ ਕਿ ਇਸ ਰਕਮ ਵਿੱਚੋਂ ਬਰਨਾਲਾ ਦੇ 125, ਬਠਿੰਡਾ ਦੇ 761, ਫਰੀਦਕੋਟ ਦੇ 87, ਫਿਰੋਜ਼ਪੁਰ ਦੇ 266, ਸ੍ਰੀ ਫਤਹਿਗੜ੍ਹ ਸਾਹਿਬ ਦੇ 155, ਗੁਰਦਾਸਪੁਰ ਦੇ 164, ਹੁਸ਼ਿਆਰਪੁਰ ਦੇ 441, ਲੁਧਿਆਣਾ ਦੇ 332 ਅਤੇ ਮਾਨਸਾ ਦੇ 441 ਲਾਭਪਾਤਰੀ ਸ਼ਾਮਲ ਹਨ। ਇਸੇ ਤਰ੍ਹਾਂ ਮੋਗਾ ਦੇ 265, ਪਟਿਆਲਾ ਦੇ 126, ਪਠਾਨਕੋਟ ਦੇ 221, ਰੂਪਨਗਰ ਦੇ 293, ਐਸ.ਏ.ਐਸ. ਨਗਰ ਦੇ 166, ਐਸ.ਬੀ.ਐਸ. ਨਗਰ ਦੇ 83, ਸੰਗਰੂਰ ਦੇ 130, ਮਾਲੇਰਕੋਟਲਾ ਦੇ 105 ਅਤੇ ਤਰਨਤਾਰਨ ਦੇ 411 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਫ਼ਾਇਦਾ ਮਿਲਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਅਤੇ ਪਰਿਵਾਰ ਦਾ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਇਹ ਯੋਜਨਾ ਅਨੁਸੂਚਿਤ ਜਾਤੀਆਂ, ਪੱਛੜੀਆਂ ਵਰਗਾਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਲਾਗੂ ਹੈ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਦੋ ਧੀਆਂ ਲਈ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਰਕਮ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਹੂਲਤ ਯਕੀਨੀ ਬਣਦੀ ਹੈ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਲੋੜਵੰਦ ਵਰਗਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਮਦਦ ਪਹੁੰਚ ਸਕੇ।

Leave a Reply

Your email address will not be published. Required fields are marked *