
ਜਲੰਧਰ, 31 ਮਾਰਚ 2026: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ Mohinder Bhagat ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਾਰਡ ਨੰਬਰ 46, ਭਾਰਗੋ ਕੈਂਪ ਵਿੱਚ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਾ ਸਿਰਫ਼ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਸਗੋਂ ਉਨ੍ਹਾਂ ਤੋਂ ਅੱਗੇ ਵੱਧ ਕੇ ਕਈ ਇਤਿਹਾਸਕ ਫੈਸਲੇ ਵੀ ਲਏ ਹਨ। ਇਨ੍ਹਾਂ ਵਿੱਚ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਯਕੀਨੀ ਬਣਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਕਾਰਨ ਕਈ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ ਅਤੇ ਲੋਕ ਇਸ ਉਪਰਾਲੇ ਦੀ ਖੂਬ ਸਰਾਹਨਾ ਕਰ ਰਹੇ ਹਨ।
ਮੰਤਰੀ ਨੇ ਲੋਕਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੀਆਂ ਵਿਕਾਸੀ ਅਤੇ ਲੋਕ ਭਲਾਈ ਦੀਆਂ ਪਹਿਲਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਉੱਚ-ਸਤ੍ਹਾ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ ਅਤੇ 90 ਫੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੇ ਕਈ ਉਪਰਾਲੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ ਬਿਨਾਂ ਕਿਸੇ ਭੇਦਭਾਵ ਦੇ 65,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਮੋਹਿੰਦਰ ਭਗਤ ਨੇ ਕਿਹਾ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ। ਨਾਲ ਹੀ, ਨਸ਼ੇ ਦੀ ਲੱਤ ਦਾ ਸ਼ਿਕਾਰ ਹੋਏ ਲੋਕਾਂ ਦੇ ਇਲਾਜ ਅਤੇ ਪੁਨਰਵਾਸ ਲਈ ਵੀ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
ਅਖੀਰ ਵਿੱਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
