
ਚੰਡੀਗੜ੍ਹ, 04 ਅਪ੍ਰੈਲ 2026: ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਨੇ ਸਾਂਝੇ ਓਪਰੇਸ਼ਨ ਰਾਹੀਂ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਹਾਇਤਾ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਹਮਲੇ ਨਾਲ ਜੁੜੇ 2 ਮੁੱਖ ਦੋਸ਼ੀਆਂ ਦੀ ਪਛਾਣ ਵੀ ਹੋ ਚੁੱਕੀ ਹੈ।
ਪੁਲਿਸ ਵੱਲੋਂ ਇੱਕ ਗ੍ਰੇਨੇਡ ਅਤੇ ਹੋਰ ਹਥਿਆਰਾਂ ਦਾ ਜਥਾ ਵੀ ਬਰਾਮਦ ਕੀਤਾ ਗਿਆ ਹੈ। ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ।
ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਹਮਲੇ ਦੇ ਪਿੱਛੇ ਪਾਕਿਸਤਾਨ ਦੀ ISI ਦੀ ਸਾਜ਼ਿਸ਼ ਸੀ। ਇਸਦੇ ਨਾਲ ਹੀ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਵੀ ਪਛਾਣ ਹੋਈ ਹੈ। ਹਮਲੇ ਨੂੰ ਅੰਜਾਮ ਦੇਣ ਲਈ ਕਈ ਸਬ-ਮਾਡਿਊਲ ਅਤੇ ਨੈੱਟਵਰਕ ਦੀ ਵਰਤੋਂ ਕੀਤੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਕਾਰਵਾਈ ਨਾਲ ਇਕ ਵੱਡੀ ਆਤੰਕਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਮੁੱਖ ਸਾਜ਼ਿਸ਼ਕਾਰਾਂ ਦੀ ਗ੍ਰਿਫ਼ਤਾਰੀ ਲਈ ਓਪਰੇਸ਼ਨ ਜਾਰੀ ਹੈ। ਪੰਜਾਬ ਪੁਲਿਸ ਨੇ ਖੇਤਰ ਵਿੱਚ ਅਮਨ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ।
