Saturday, May 23Punjabi People

ਭਿੰਡੀ ਸੈਦਾ ਗ੍ਰੇਨੇਡ ਹਮਲਾ ਬੇਨਕਾਬ, 6 ਗ੍ਰਿਫ਼ਤਾਰ; ਅੱਤਵਾਦੀ ਮਕਸਦਾਂ ਲਈ ਕੀਤੀ ਜਾ ਰਹੀ ਸੀ ਤਿਆਰੀ

ਅੰਮ੍ਰਿਤਸਰ, 13 ਅਪ੍ਰੈਲ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਿੰਡੀ ਸੈਦਾਂ ਥਾਣੇ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਵਾਰ ਅਗੇਨਸਟ ਗੈਂਗਸਟਰ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਦੇ ਸਹਿਯੋਗ ਨਾਲ ਅੰਜ਼ਾਮ ਦਿੱਤੀ ਗਈ। ਮੁੱਢਲੀ ਜਾਂਚ ਅਨੁਸਾਰ ਇਹ ਸਾਰਾ ਮਾਡਿਊਲ ਪਾਕਿਸਤਾਨੀ ਹੈਂਡਲਰ ਨਾਲ ਸੰਬੰਧਿਤ ਸੀ ਅਤੇ ਇਸਨੂੰ ਆਈਐਸਆਈ ਦੀ ਮਦਦ ਮਿਲ ਰਹੀ ਸੀ।

ਪੁਲਿਸ ਦੇ ਅਨੁਸਾਰ ਦੋਸ਼ੀਆਂ ਨੂੰ ਅੱਤਵਾਦੀ ਸਰਗਰਮੀਆਂ ਲਈ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਅਤੇ ਕੱਟੜਪੰਥੀ ਵਿਚਾਰਧਾਰਾ ਰਾਹੀਂ ਭਰਤੀ ਕੀਤਾ ਗਿਆ। ਹਮਲੇ ਤੋਂ ਪਹਿਲਾਂ ਇਨ੍ਹਾਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾਂ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੇਦੀਪ ਸਿੰਘ ਦੇ ਨਾਮ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲਾਂ ਸਮੇਤ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਦੋਸ਼ੀ ਪਹਿਲਾਂ ਵੀ ਹੋਰ ਅਪਰਾਧਾਂ ਵਿੱਚ ਸ਼ਾਮਲ ਰਹੇ ਹੋਣ।

ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਯੂਏਪੀਏ ਐਕਟ ਅਤੇ ਆਰਮਜ਼ ਐਕਟ ਵੀ ਸ਼ਾਮਲ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਡਿਊਲ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਇਸਦਾ ਜਾਲ ਕਿੰਨਾ ਵੱਡਾ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ, ਜਿਸ ਨਾਲ ਪੁਲਿਸ ਠਿਕਾਣਿਆਂ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣੀ ਹੈ। ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਅੱਤਵਾਦ ਅਤੇ ਗੈਂਗਸਟਰ ਗਤੀਵਿਧੀਆਂ ਖ਼ਿਲਾਫ਼ ਉਨ੍ਹਾਂ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਕਾਨੂੰਨ-ਵਿਵਸਥਾ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *