
ਚੰਡੀਗੜ੍ਹ, 17 ਅਪ੍ਰੈਲ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਅਤੇ ਇਨਫੋਰਸਮੈਂਟ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਫੀਲਡ ਵਿੱਚ ਅਧਿਕਾਰੀਆਂ ਦੀ ਮੌਜੂਦਗੀ ਵਧੇਗੀ, ਟੈਕਸ ਚੋਰੀ ‘ਤੇ ਨਕੇਲ ਪਵੇਗੀ ਅਤੇ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਵੇਗਾ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਵਿਭਾਗ ਦੀ ਗਤੀਸ਼ੀਲਤਾ ਨੂੰ ਬਹਾਲ ਕਰਨ ਵੱਲ ਇੱਕ ਮਹੱਤਵਪੂਰਨ ਪੜਾਅ ਹੈ। ਲਗਭਗ 2.21 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਗੱਡੀਆਂ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਸੂਬੇ ਵਿੱਚ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਕੇਂਦਰੀ ਭੂਮਿਕਾ ਨਿਭਾ ਰਿਹਾ ਹੈ ਅਤੇ ਵਿੱਤੀ ਸਾਲ 2025-26 ਦੌਰਾਨ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਟੈਕਸ ਇਕੱਤਰਤਾ ਵਿੱਚ ਵਧੀਆ ਵਾਧਾ ਦਰਜ ਕੀਤਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਕੁੱਲ ਜੀਐਸਟੀ ਕਲੈਕਸ਼ਨ 11.87 ਫੀਸਦੀ ਵਧ ਕੇ 24,799.18 ਕਰੋੜ ਤੋਂ 27,744.05 ਕਰੋੜ ਰੁਪਏ ਹੋ ਗਿਆ ਹੈ, ਜਦਕਿ ਸ਼ੁੱਧ ਜੀਐਸਟੀ ਕਲੈਕਸ਼ਨ 12.52 ਫੀਸਦੀ ਵਾਧੇ ਨਾਲ 23,642.08 ਕਰੋੜ ਤੋਂ 26,601.12 ਕਰੋੜ ਰੁਪਏ ਹੋ ਗਿਆ ਹੈ। ਇਸਦੇ ਨਾਲ ਹੀ ਆਬਕਾਰੀ ਮਾਲੀਏ ਵਿੱਚ ਵੀ 9.15 ਫੀਸਦੀ ਵਾਧਾ ਹੋ ਕੇ ਇਹ 10,752.80 ਕਰੋੜ ਤੋਂ 11,736.57 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
ਉਨ੍ਹਾਂ ਨੇ ਇਨਫੋਰਸਮੈਂਟ ਕਾਰਵਾਈਆਂ ਦੇ ਸੁਧਰੇ ਨਤੀਜਿਆਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਂਟਿਵ ਯੂਨਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿੱਤੀ ਸਾਲ 2024-25 ਵਿੱਚ ਸੜਕ ਚੈਕਿੰਗ ਅਤੇ ਨਿਰੀਖਣਾਂ ਰਾਹੀਂ 321.04 ਕਰੋੜ ਰੁਪਏ ਜੁਰਮਾਨਾ ਲਗਾਇਆ ਗਿਆ ਸੀ, ਜੋ 2025-26 ਵਿੱਚ ਵਧ ਕੇ 1,384.09 ਕਰੋੜ ਰੁਪਏ ਹੋ ਗਿਆ, ਜੋ ਕਿ ਕਈ ਗੁਣਾ ਵਾਧੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਨਵੀਆਂ ਗੱਡੀਆਂ ਦੇ ਸ਼ਾਮਲ ਹੋਣ ਨਾਲ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਹੋਰ ਮਜ਼ਬੂਤ ਹੋਵੇਗੀ, ਜਿਸ ਨਾਲ ਤੁਰੰਤ ਜਾਂਚ, ਨਿਰੀਖਣ ਅਤੇ ਅੰਤਰ-ਰਾਜੀ ਮਾਲ ਦੀ ਨਿਗਰਾਨੀ ਵਿੱਚ ਸੁਧਾਰ ਆਵੇਗਾ ਅਤੇ ਟੈਕਸ ਚੋਰੀ ‘ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।
ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਕਦਮ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਵਿਭਾਗ ਨੂੰ ਰੀਅਲ-ਟਾਈਮ ਨਿਗਰਾਨੀ, ਤੇਜ਼ ਕਾਰਵਾਈ ਅਤੇ ਟੈਕਸ ਪਾਲਣਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਰਹੇਗਾ।
