Saturday, May 23Punjabi People

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਖਾਸ ਤਰਜੀਹ ਦਿੱਤੀ ਜਾ ਰਹੀ ਹੈ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਪ੍ਰੈਲ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਖਾਸ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਵਾਰਣ ਅਤੇ ਸੁਖ-ਸੁਵਿਧਾਵਾਂ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਅੱਜ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ, ਜਿਸ ਵਿੱਚ ਵਿਭਾਗ ਦੀ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਵੀ ਮੌਜੂਦ ਸਨ, ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਜ਼ਮੀਨੀ ਪੱਧਰ ‘ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।

ਮੀਟਿੰਗ ਦੌਰਾਨ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਮੰਤਰੀ ਨੇ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੀਆਂ ਮੰਗਾਂ ਸਰਕਾਰ ਦੇ ਉੱਚ ਪੱਧਰ ‘ਤੇ ਨਿਪਟਾਰਾ ਮੰਗਦੀਆਂ ਹਨ, ਉਹਨਾਂ ਨੂੰ ਨਵੀਂ ਬਣੀ ਸਬ-ਕਮੇਟੀ ਅੱਗੇ ਰੱਖਿਆ ਜਾਵੇਗਾ ਅਤੇ ਉਨ੍ਹਾਂ ‘ਤੇ ਤਰਜੀਹ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਦੇ ਨਾਲ ਮਾਵਾਂ ਨੂੰ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਦਿੱਤੀਆਂ ਜਾ ਰਹੀਆਂ ਇਹ ਸੇਵਾਵਾਂ ਸਮਾਜ ਦੀ ਮਜ਼ਬੂਤ ਨੀਂਹ ਰਚਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਅੰਤ ਵਿੱਚ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਸਨਮਾਨ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਆਗਾਮੀ ਸਮੇਂ ਵਿੱਚ ਵੀ ਲੋੜ ਅਨੁਸਾਰ ਫੈਸਲੇ ਲਏ ਜਾਣਗੇ।

Leave a Reply

Your email address will not be published. Required fields are marked *