Saturday, May 23Punjabi People

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ; ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ

ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵੱਖ-ਵੱਖ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮਸਲਿਆਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਬੰਧਤ ਵਿਭਾਗਾਂ ਨੂੰ ਫੌਰੀ ਕਾਰਵਾਈ ਕਰਨ ਅਤੇ ਜਿੱਥੇ ਲੋੜ ਹੋਵੇ ਉੱਥੇ ਵਿੱਤੀ ਮਨਜ਼ੂਰੀ ਲਈ ਤਜਵੀਜ਼ਾਂ ਭੇਜਣ ਦੇ ਹੁਕਮ ਜਾਰੀ ਕੀਤੇ।

ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਸਮੇਤ ਕਈ ਸੰਸਥਾਵਾਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਇਸ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨਿਕ ਪੱਧਰ ‘ਤੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਮਾਮਲਿਆਂ ਵਿੱਚ ਵਿੱਤੀ ਮਨਜ਼ੂਰੀ ਦੀ ਲੋੜ ਹੈ, ਉਨ੍ਹਾਂ ਲਈ ਸੰਬੰਧਿਤ ਵਿਭਾਗ ਤੁਰੰਤ ਵਿਸਥਾਰਪੂਰਵਕ ਤਜਵੀਜ਼ਾਂ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜਣ, ਤਾਂ ਜੋ ਫੈਸਲੇ ਜਲਦੀ ਲਏ ਜਾ ਸਕਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਯੂਨੀਅਨਾਂ ਨਾਲ ਸਿੱਧੀ ਗੱਲਬਾਤ ਰਾਹੀਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨਾ ਚਾਹੁੰਦੀ ਹੈ, ਤਾਂ ਜੋ ਉਨ੍ਹਾਂ ਦੀ ਭਲਾਈ, ਆਰਥਿਕ ਸੁਰੱਖਿਆ ਅਤੇ ਨੌਕਰੀ ਸੰਤੁਸ਼ਟੀ ਯਕੀਨੀ ਬਣਾਈ ਜਾ ਸਕੇ।

ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਪਣੇ ਮਸਲੇ ਅਤੇ ਮੰਗਾਂ ਵਿਸਥਾਰ ਨਾਲ ਰੱਖੀਆਂ, ਜਿਨ੍ਹਾਂ ‘ਤੇ ਸਰਕਾਰ ਵੱਲੋਂ ਸਕਾਰਾਤਮਕ ਰਵੱਈਆ ਦਰਸਾਇਆ ਗਿਆ।

Leave a Reply

Your email address will not be published. Required fields are marked *