Saturday, May 23Punjabi People

ਸਰਹੱਦ ਪਾਰ ਤੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ; 900 ਗ੍ਰਾਮ ICE ਅਤੇ 5 ਪਿਸਤੌਲਾਂ ਸਮੇਤ ਤਿੰਨ ਦੋਸ਼ੀ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ / ਅੰਮ੍ਰਿਤਸਰ, 23 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਨਾਲ ਸਬੰਧਤ ਹਨ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲੌਕ, ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਅਨੁਸਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀਆਂ ਜਾ ਰਹੀਆਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਉਹ ਸਥਾਨਕ ਪੱਧਰ ’ਤੇ ਸਪਲਾਈ ਚੇਨ ਵਿੱਚ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਹੋਰ ਲਿੰਕਾਂ ਦੀ ਪਛਾਣ ਲਈ ਜਾਂਚ ਜਾਰੀ ਹੈ, ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਤਿੰਨਾਂ ਸ਼ੱਕੀਆਂ ਨੂੰ ਕਾਬੂ ਕੀਤਾ। ਸ਼ੁਰੂਆਤੀ ਤਲਾਸ਼ੀ ਦੌਰਾਨ ਸਿਰਫ਼ ਇੱਕ .30 ਬੋਰ ਪਿਸਤੌਲ ਮਿਲਿਆ ਸੀ, ਪਰ ਪੁੱਛਗਿੱਛ ਵਿੱਚ ਹੋਏ ਖੁਲਾਸਿਆਂ ਦੇ ਆਧਾਰ ’ਤੇ 915 ਗ੍ਰਾਮ ਆਈ.ਸੀ.ਈ. ਅਤੇ ਹੋਰ ਚਾਰ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਘਣੇ ਜੰਗਲਾਤੀ ਇਲਾਕਿਆਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾਂਦੀ ਸੀ, ਜਿੱਥੋਂ ਮੁਲਜ਼ਮ ਇਹ ਸਮੱਗਰੀ ਪ੍ਰਾਪਤ ਕਰਕੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ।

ਇਸ ਸਬੰਧੀ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6, 7(iii) ਅਤੇ 8) ਤਹਿਤ ਮਿਤੀ 15-04-2026 ਨੂੰ ਐਫਆਈਆਰ ਨੰਬਰ 105 ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *