Saturday, May 23Punjabi People

ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ ਕਰਨ ਦੇ ਉਪਰਾਲਿਆਂ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਚੰਡੀਗੜ੍ਹ, 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਵੱਲੋਂ ਅੱਜ ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਸੰਧਵਾਂ ਦੇ ਸਾਂਝੇ ਯਤਨਾਂ ਨਾਲ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋਇਆ ਹੈ, ਜਿਸ ਨਾਲ ਦੁਨੀਆ ਭਰ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜੀ ਹੈ।

ਸਮਾਗਮ ਦੌਰਾਨ ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਹੁਕਮਨਾਮਾ ਲੈਣ ਤੋਂ ਬਾਅਦ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਵਿਅਕਤਿਤਵ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਕੁਲਵੰਤ ਸਿੰਘ ਚਾਣਕੀਆ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਗੁਰੂ ਦੀ ਕਿਰਪਾ ਅਤੇ ਸੰਗਤ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਰਵਾਇਤੀ ਪਾਰਟੀਆਂ ਅਤੇ ਸੰਗਠਨ ਸੱਤਾ ਵਿੱਚ ਰਹਿੰਦੇ ਹੋਏ ਵੀ ਇਸ ਤਰ੍ਹਾਂ ਦੇ ਕਦਮ ਨਹੀਂ ਚੁੱਕ ਸਕੇ, ਜਦਕਿ ਹੁਣ ਬਿਨਾਂ ਕਾਰਨ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਅਜਿਹੇ ਅਪਰਾਧਾਂ ’ਤੇ ਰੋਕ ਲੱਗੇਗੀ ਅਤੇ ਲੋਕ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਹਿਚਕਿਚਾਉਣਗੇ।

ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਮਹੱਤਵਪੂਰਨ ਕਦਮ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *