
ਚੰਡੀਗੜ੍ਹ / ਐਸਏਐਸ ਨਗਰ, 23 ਅਪ੍ਰੈਲ 2026: ਉਦਯੋਗਿਕ ਕਾਮਿਆਂ ਦੇ ਜੀਵਨ ਪੱਧਰ ਨੂੰ ਸੁਧਾਰਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਕਿਰਤ ਭਲਾਈ ਬੋਰਡ ਨੇ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਰਾਹੀਂ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕੀਤੀ।
ਇਸ ਸਬੰਧੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਯਤਨ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਯੋਗ ਕਾਮੇ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਣਕਾਰੀ ਦੀ ਘਾਟ ਕਰਕੇ ਕਈ ਕਾਮੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ।
ਮੰਤਰੀ ਨੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮੇ ਬੋਰਡ ਦੀਆਂ ਸਕੀਮਾਂ ਲਈ ਯੋਗ ਹਨ। ਇਹ ਯੋਜਨਾਵਾਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਰਗੇ ਖੇਤਰਾਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਚਲਾਈਆਂ ਜਾ ਰਹੀਆਂ ਹਨ।
ਇਨ੍ਹਾਂ ਸਕੀਮਾਂ ਵਿੱਚ ਡਾਕਟਰੀ ਇਲਾਜ, ਸਰਜਰੀ ਲਈ ਸਹਾਇਤਾ, ਐਕਸ-ਗ੍ਰੇਸ਼ੀਆ ਗ੍ਰਾਂਟ, ਅੰਤਿਮ ਸੰਸਕਾਰ ਖਰਚ, ਐਲਟੀਸੀ, ਜਣੇਪਾ ਲਾਭ ਅਤੇ ਅਪੰਗਤਾ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਗਨ ਸਕੀਮ, ਐਨਕਾਂ, ਦੰਦਾਂ ਦੀ ਦੇਖਭਾਲ, ਸੁਣਨ-ਯੰਤਰ ਸਹਾਇਤਾ ਅਤੇ ਸਿੱਖਿਆ ਸੰਬੰਧੀ ਵਜ਼ੀਫ਼ੇ ਵੀ ਪ੍ਰਦਾਨ ਕੀਤੇ ਜਾਂਦੇ ਹਨ।
ਮੰਤਰੀ ਨੇ ਦੁਹਰਾਇਆ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਕਾਮੇ ਤੱਕ ਇਹ ਸਕੀਮਾਂ ਪਹੁੰਚਣ ਅਤੇ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕੈਂਪ ਲਗਾਉਣ ਅਤੇ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਪ੍ਰਾਪਤ ਕਰ ਸਕਣ।
ਪੰਜਾਬ ਸਰਕਾਰ ਆਪਣੇ ਵਿਕਾਸ ਏਜੰਡੇ ਵਿੱਚ ਕਿਰਤ ਭਲਾਈ ਨੂੰ ਅਹਿਮ ਥਾਂ ਦੇ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਦਯੋਗਿਕ ਕਾਮਿਆਂ ਨੂੰ ਲੋੜੀਂਦੀ ਸਹਾਇਤਾ ਅਤੇ ਸਨਮਾਨ ਮਿਲੇ।
ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਉਦਯੋਗ ਅਤੇ ਕਾਮਰਸ ਵਿਭਾਗ ਦੇ ਸਕੱਤਰ ਮਹਿੰਦਰਪਾਲ, ਕਿਰਤ ਕਮਿਸ਼ਨਰ-ਕਮ-ਭਲਾਈ ਕਮਿਸ਼ਨਰ ਰਾਜੀਵ ਕੁਮਾਰ ਗੁਪਤਾ ਅਤੇ ਮੈਂਬਰ ਬਲਦੇਵ ਬਲਖੰਡੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
