Saturday, May 23Punjabi People

ਪਹਿਲਵਾਨ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਕਿਹਾ- ਪੰਜਾਬ ਅਤੇ ਕੁਸ਼ਤੀ ਤੋਂ ਬਹੁਤ ਪਿਆਰ ਮਿਲਿਆ, ਹੁਣ ਸੇਵਾ ਕਰਨ ਦਾ ਸਮਾਂ

ਚੰਡੀਗੜ੍ਹ, 28 ਅਪ੍ਰੈਲ 2026:  ‘ਰੁਸਤਮ-ਏ-ਹਿੰਦ’ ਵਜੋਂ ਮਸ਼ਹੂਰ ਪੰਜਾਬ ਦੇ ਨਾਮਵਰ ਪਹਿਲਵਾਨ ਜਸਕਨਵਰ ਸਿੰਘ ਉਰਫ਼ ਜੱਸਾ ਪੱਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਕੁਸ਼ਤੀ, ਖੇਡਾਂ ਅਤੇ ਪੰਜਾਬ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਸਮਾਜ ਅਤੇ ਨੌਜਵਾਨਾਂ ਲਈ ਹੋਰ ਵੱਡੇ ਪੱਧਰ ‘ਤੇ ਕੰਮ ਕਰਨ।

ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਦੀ ਮਿੱਟੀ, ਲੋਕਾਂ ਦੇ ਪਿਆਰ ਅਤੇ ਕੁਸ਼ਤੀ ਨੇ ਉਨ੍ਹਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ ਹੈ। ਇਸ ਲਈ ਹੁਣ ਉਹ ਆਪਣਾ ਯੋਗਦਾਨ ਪੰਜਾਬ ਅਤੇ ਖੇਡਾਂ ਨੂੰ ਅੱਗੇ ਵਧਾਉਣ ਲਈ ਦੇਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮੇਂ ਤੱਕ ਵਿਚਾਰ-ਵਟਾਂਦਰੇ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੱਸਾ ਪੱਟੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਕਰਦੇ ਹੋਏ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜੱਸਾ ਪੱਟੀ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜੱਸਾ ਪੱਟੀ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨੌਜਵਾਨਾਂ ਲਈ ਪ੍ਰੇਰਣਾਦਾਇਕ ਹੈ।

ਸੀਐਮ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜੱਸਾ ਪੱਟੀ ਦੇ ਪਾਰਟੀ ਨਾਲ ਜੁੜਨ ਨਾਲ “ਰੰਗਲਾ ਪੰਜਾਬ” ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖੇਡ ਜਗਤ ਵਿੱਚ ਜੱਸਾ ਪੱਟੀ ਦੀ ਪਛਾਣ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Leave a Reply

Your email address will not be published. Required fields are marked *