Wednesday, July 29Punjabi People

ਜੂਨ 2026 ਤੱਕ ਪੰਜਾਬ ਦੀਆਂ 45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਹੋਵੇਗਾ ਪੂਰਾ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲਾਂਡਰਾਂ-ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਪਲਾਂਟ ਦੀ ਕਾਰਗੁਜ਼ਾਰੀ, ਉਤਪਾਦਨ ਸਮਰੱਥਾ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਪਣਾਏ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਹੋਟ ਮਿਕਸ ਪਲਾਂਟ ਦੀ ਰੋਜ਼ਾਨਾ ਉਤਪਾਦਨ ਸਮਰੱਥਾ ਕਰੀਬ 800 ਟਨ ਹੈ। ਇੱਕ ਕਿਲੋਮੀਟਰ 18 ਫੁੱਟ ਚੌੜੀ ਸੜਕ ਲਈ ਲਗਭਗ 450 ਟਨ ਪ੍ਰੀਮਿਕਸ ਸਮੱਗਰੀ ਦੀ ਲੋੜ ਪੈਂਦੀ ਹੈ। ਇਸ ਵੇਲੇ ਪੰਜਾਬ ਵਿੱਚ ਕਰੀਬ 100 ਹੋਟ ਮਿਕਸ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਸਾਰੇ ਪਲਾਂਟ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਂਟ ਸਵੇਰੇ 5 ਵਜੇ ਤੋਂ ਚਾਲੂ ਕਰਨਾ ਯਕੀਨੀ ਬਣਾਉਣ, ਤਾਂ ਜੋ ਉਤਪਾਦਨ ਸਮਰੱਥਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਬਣੇ ਜੰਗੀ ਹਾਲਾਤਾਂ ਦੇ ਬਾਵਜੂਦ ਸੜਕ ਨਿਰਮਾਣ ਲਈ ਲੋੜੀਂਦੇ ਲੁੱਕ ਦੀ ਸਪਲਾਈ ਰਿਫਾਇਨਰੀਆਂ ਨਾਲ ਤਾਲਮੇਲ ਕਰਕੇ ਯਕੀਨੀ ਬਣਾਈ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ 30 ਜੂਨ 2026 ਤੱਕ ਸੜਕ ਨਵੀਨੀਕਰਨ ਦਾ ਕੰਮ ਪੂਰਾ ਕਰਨਾ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਕੰਮ ਕਰਨ ਦੀ ਹਦਾਇਤ ਵੀ ਦਿੱਤੀ।

ਇਸ ਮੌਕੇ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ, ਐਕਸੀਅਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *