Saturday, May 23Punjabi People

ਮਾਨ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਵੱਡਾ ਤੋਹਫ਼ਾ, 11,000 ਰੁਪਏ ਮਹੀਨਾਵਾਰ ਪੈਨਸ਼ਨ ਜਾਰੀ

ਚੰਡੀਗੜ੍ਹ, 29 ਅਪ੍ਰੈਲ 2026:  ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਆਜ਼ਾਦੀ ਘੁਲਾਟੀਆ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਜ਼ਾਦੀ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਆਸ਼ਰਿਤਾਂ ਨੂੰ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਕੇਵਲ ਆਜ਼ਾਦੀ ਸੈਨਾਨੀਆਂ ਤੱਕ ਹੀ ਸੀਮਿਤ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਿੱਤੀ ਸਹਾਇਤਾ ਵਜੋਂ ਦਿੱਤਾ ਜਾ ਰਿਹਾ ਹੈ। ਇਸ ਵਿੱਚ ਆਜ਼ਾਦੀ ਸੈਨਾਨੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ, ਨਾਲ ਹੀ ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰ ਵੀ ਸ਼ਾਮਲ ਹਨ।

ਮੋਹਿੰਦਰ ਭਗਤ ਨੇ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਹਮੇਸ਼ਾ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਬੇਮਿਸਾਲ ਕੁਰਬਾਨੀਆਂ ਕਰਕੇ ਹੀ ਅੱਜ ਦੇਸ਼ਵਾਸੀ ਆਜ਼ਾਦੀ ਦਾ ਅਨੰਦ ਮਾਣ ਰਹੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਜ਼ਾਦੀ ਸੈਨਾਨੀਆਂ ਦੇ ਮਾਣ-ਸਨਮਾਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *