
ਅੰਮ੍ਰਿਤਸਰ / ਚੰਡੀਗੜ੍ਹ, 30 ਅਪ੍ਰੈਲ 2026: ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਭਾਵਨਾ ਨਾਲ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਦੀ ਸੇਵਾ ਭਾਈ ਸਰਵਣ ਸਿੰਘ ਨੇ ਨਿਭਾਈ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਦੌਰਾਨ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਮਹਾਨ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਵੱਲੋਂ ਨਿਮਰਤਾ ਅਤੇ ਸੇਵਾ ਭਾਵ ਨਾਲ ਨਿਭਾਈ ਗਈ ਸੇਵਾ ਹਰ ਸਿੱਖ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਤੀਸਰੇ ਪਾਤਸ਼ਾਹ ਨੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਬਣਾਉਂਦਿਆਂ “ਪਹਿਲਾਂ ਪੰਗਤ, ਫਿਰ ਸੰਗਤ” ਦਾ ਸੰਦੇਸ਼ ਦੇ ਕੇ ਜਾਤ-ਪਾਤ ਅਤੇ ਭੇਦਭਾਵ ਨੂੰ ਖਤਮ ਕਰਨ ਦਾ ਉਪਰਾਲਾ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਤੋਂ ਸਿੱਖਿਆ ਲੈ ਕੇ ਬਾਣੀ ਅਤੇ ਬਾਣੇ ਨਾਲ ਜੁੜਨ।
