Saturday, May 23Punjabi People

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਚੰਡੀਗੜ੍ਹ, 3 ਮਈ 2026:  ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਐਤਵਾਰ ਰਾਤ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਮਈ ਮਹੀਨੇ ਦੀ ਪਹਿਲੀ ਬਾਰਿਸ਼ ਨੇ ਕਈ ਥਾਵਾਂ ‘ਤੇ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ।

ਸਵੇਰ ਦੇ ਸਮੇਂ ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਬਦਲ ਗਿਆ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਦਿਨ ਦੌਰਾਨ ਵੀ ਹਨੇਰੇ ਵਰਗੇ ਹਾਲਾਤ ਬਣ ਗਏ, ਜਦਕਿ ਕਈ ਥਾਵਾਂ ‘ਤੇ ਦਰੱਖਤ ਜੜ੍ਹਾਂ ਸਮੇਤ ਡਿੱਗ ਪਏ।

ਸਵੇਰੇ 6 ਵਜੇ ਤੋਂ 9 ਵਜੇ ਤੱਕ ਦਰਜ ਕੀਤੇ ਗਏ ਮੀਂਹ ਦੇ ਅੰਕੜਿਆਂ ਅਨੁਸਾਰ ਲੁਧਿਆਣਾ ਵਿੱਚ ਸਭ ਤੋਂ ਵੱਧ 24.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 19.7 ਮਿਲੀਮੀਟਰ, ਮੋਹਾਲੀ ਵਿੱਚ 19 ਮਿਲੀਮੀਟਰ ਅਤੇ ਇੱਕ ਹੋਰ ਮਾਨੀਟਰਿੰਗ ਸਟੇਸ਼ਨ ‘ਤੇ 17.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਅੰਮ੍ਰਿਤਸਰ ਵਿੱਚ 2.2 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਮਿਲੀਮੀਟਰ, ਐਸਬੀਐਸ ਨਗਰ ਵਿੱਚ 2.1 ਮਿਲੀਮੀਟਰ ਅਤੇ ਰੂਪਨਗਰ ਵਿੱਚ 1.5 ਮਿਲੀਮੀਟਰ ਮੀਂਹ ਦਰਜ ਹੋਇਆ। ਪਟਿਆਲਾ ਅਤੇ ਫਰੀਦਕੋਟ ਵਿੱਚ ਵੀ ਹਲਕੀ ਬਾਰਿਸ਼ ਦੇਖਣ ਨੂੰ ਮਿਲੀ।

India Meteorological Department ਵੱਲੋਂ ਜਾਰੀ ਵਿਸ਼ੇਸ਼ ਬੁਲੇਟਿਨ ਮੁਤਾਬਕ 4 ਅਤੇ 5 ਮਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਅਗਾਹੀ ਦਿੱਤੀ ਹੈ ਕਿ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਖੇਤਰਾਂ ਵਿੱਚ ਇਹ ਗਤੀ 60 ਕਿਲੋਮੀਟਰ ਪ੍ਰਤੀ ਘੰਟੇ ਤੱਕ ਵੀ ਪਹੁੰਚ ਸਕਦੀ ਹੈ। 6 ਮਈ ਤੋਂ 8 ਮਈ ਤੱਕ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ ਨੇ 3 ਤੋਂ 5 ਮਈ ਤੱਕ ਪੰਜਾਬ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ ‘ਤੇ 70 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਸਥਿਤੀ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੈ।

Leave a Reply

Your email address will not be published. Required fields are marked *