
ਚੰਡੀਗੜ੍ਹ, 4 ਮਈ 2026: ਸੂਬੇ ਦੇ ਵਿਕਾਸ ਨੂੰ ਤੇਜ਼ੀ ਦੇਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਲੰਬਿਤ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤਾ ਕਿ ਸਕੀਮ ਦੇ ਪਹਿਲੇ ਪੜਾਅ ਦੇ ਸਾਰੇ ਵਿਕਾਸੀ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਦੂਜੇ ਪੜਾਅ ਦੇ ਪ੍ਰੋਜੈਕਟਾਂ ਦੀ ਪ੍ਰਕਿਰਿਆ ਵੀ ਤੁਰੰਤ ਸ਼ੁਰੂ ਕਰਨ ਲਈ ਕਿਹਾ, ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਜਾਰੀ ਰਹੇ। ਨਾਲ ਹੀ ਪਾਰਦਰਸ਼ਤਾ ਬਣਾਈ ਰੱਖਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਰਿਪੋਰਟਾਂ ਪੇਸ਼ ਕਰਨ ਲਈ ਕਿਹਾ ਗਿਆ।
ਪਹਿਲੇ ਪੜਾਅ ਦੇ ਕੰਮਾਂ ਵਿੱਚ ਹੋ ਰਹੀ ਦੇਰੀ ‘ਤੇ ਨਾਰਾਜ਼ਗੀ ਜਤਾਉਂਦਿਆਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਲਟਕ ਰਹੇ ਪ੍ਰੋਜੈਕਟ ਤੁਰੰਤ ਸ਼ੁਰੂ ਕਰਕੇ ਜਲਦੀ ਪੂਰੇ ਕੀਤੇ ਜਾਣ, ਨਹੀਂ ਤਾਂ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਖੁਦ ਮੈਦਾਨੀ ਦੌਰੇ ਕਰਕੇ ਕੰਮ ਦੀ ਗਤੀ ਅਤੇ ਗੁਣਵੱਤਾ ਦੀ ਨਿਗਰਾਨੀ ਕਰਨ।
ਇਸ ਦੌਰਾਨ ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਰੋਜ਼ਾਨਾ ਅਧਿਕਾਰਤ ਪੋਰਟਲ ‘ਤੇ ਅਪਡੇਟ ਕਰਨੀ ਲਾਜ਼ਮੀ ਹੈ, ਤਾਂ ਜੋ ਰੀਅਲ-ਟਾਈਮ ਨਿਗਰਾਨੀ ਯਕੀਨੀ ਬਣਾਈ ਜਾ ਸਕੇ।
