
ਅਨੰਦਪੁਰ ਸਾਹਿਬ, 5 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਖਾਲਸੇ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ 2026” ਦੇ ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਧੰਨਵਾਦ ਅਤੇ ਸ਼ੁਕਰਾਨਾ ਪ੍ਰਗਟ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਉਪਰੰਤ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਮਰਿਆਦਾ, ਗੁਰੂ ਘਰ ਦੇ ਸਤਿਕਾਰ ਅਤੇ ਧਾਰਮਿਕ ਮੁੱਲਾਂ ਨੂੰ ਸਮਰਪਿਤ ਹੋਵੇਗੀ।
ਉਨ੍ਹਾਂ ਹੋਰ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਅਤੇ ਸਤਿਕਾਰ ਬਿੱਲ ਨਾਲ ਜੁੜੇ ਮਹੱਤਵਪੂਰਨ ਪਹਿਲੂਆਂ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ।
ਸ਼ੁਕਰਾਨਾ ਯਾਤਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਰੂਪਨਗਰ ਵੱਲ ਰਵਾਨਾ ਹੋਵੇਗੀ। ਯਾਤਰਾ ਦੌਰਾਨ ਮੁੱਖ ਮੰਤਰੀ ਕੀਰਤਪੁਰ ਸਾਹਿਬ, ਭਰਤਗੜ੍ਹ ਅਤੇ ਘਨੌਲੀ ਵਿਖੇ ਵੀ ਰੁਕ ਕੇ ਸੰਗਤਾਂ ਨਾਲ ਮੁਲਾਕਾਤ ਕਰਨਗੇ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਸੇਵਾ, ਨਿਮਰਤਾ ਅਤੇ ਸਤਿਕਾਰ ਦੀ ਭਾਵਨਾ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਿੱਖ ਮਰਿਆਦਾ ਅਤੇ ਗੁਰੂ ਘਰ ਦੇ ਸਤਿਕਾਰ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਇਹ ਯਾਤਰਾ ਵੀ ਉਸੇ ਵਚਨਬੱਧਤਾ ਦਾ ਪ੍ਰਤੀਕ ਹੈ।
