Wednesday, July 29Punjabi People

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

ਚੰਡੀਗੜ੍ਹ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 586 ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 105ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,729 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 77 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 33 ਲੋਕਾਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਜਾਣਕਾਰੀ ਸਾਂਝੀ ਕਰ ਸਕਦੇ ਹਨ।ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਮੁਹਿੰਮ ਤਹਿਤ ਹੁਣ ਤੱਕ 430 ਦਿਨਾਂ ਵਿੱਚ ਕੁੱਲ 62,639 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਨਸ਼ਾ ਮੁਕਤੀ ਅਤੇ ਮੁੜ ਵਸੇਬਾ ਯਤਨਾਂ ਦੇ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਤੇ ਰਿਹੈਬਿਲੀਟੇਸ਼ਨ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *