
ਚੰਡੀਗੜ੍ਹ, 7 ਮਈ 2026: ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਨਕਲੀ ਅਤੇ ਮਿਆਦ ਪੁੱਗੇ ਖੇਤੀ ਉਤਪਾਦਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ‘ਤੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਸਿਟੀ ਪੁਲਿਸ ਸਟੇਸ਼ਨ ਫ਼ਰੀਦਕੋਟ ਵਿਖੇ ਮਕਾਨ ਮਾਲਕ ਰਾਜਿੰਦਰ ਸੇਠੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਵਿਭਾਗ ਦੀ ਟੀਮ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿੱਚ ਨਰਾਇਣ ਨਗਰ, ਫ਼ਰੀਦਕੋਟ ਸਥਿਤ ਇੱਕ ਮਕਾਨ ‘ਤੇ ਛਾਪਾ ਮਾਰਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਥੇ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਜਾਂ ਲਾਇਸੈਂਸ ਦੇ ਖਾਦ ਅਤੇ ਕੀਟਨਾਸ਼ਕਾਂ ਦੀ ਗੈਰ-ਕਾਨੂੰਨੀ ਪੈਕੇਜਿੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਮੌਕੇ ਤੋਂ ਨਕਲੀ ਅਤੇ ਘਟੀਆ ਗੁਣਵੱਤਾ ਵਾਲੇ ਖੇਤੀ ਉਤਪਾਦ, ਖੁੱਲ੍ਹੀਆਂ ਅਤੇ ਬਿਨਾਂ ਲੇਬਲ ਵਾਲੀਆਂ ਬੋਰੀਆਂ, ਨਾਲ ਹੀ ਰੀਪੈਕਿੰਗ ਲਈ ਵਰਤੇ ਜਾਣ ਵਾਲੇ ਸਿਲਾਈ ਅਤੇ ਸੀਲਿੰਗ ਉਪਕਰਣ ਬਰਾਮਦ ਕੀਤੇ ਗਏ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਸੰਬੰਧਤ ਵਿਅਕਤੀ ਦਾ ਖਾਦ ਲਾਇਸੈਂਸ ਮਿਆਦ ਪੁੱਗ ਚੁੱਕਾ ਸੀ, ਫਿਰ ਵੀ ਉਹ ਗੈਰ-ਕਾਨੂੰਨੀ ਤੌਰ ‘ਤੇ ਕਾਰੋਬਾਰ ਜਾਰੀ ਰੱਖ ਰਿਹਾ ਸੀ।
ਖੇਤੀਬਾੜੀ ਵਿਭਾਗ ਦੀ ਟੀਮ ਨੇ ਲੈਬ ਜਾਂਚ ਲਈ ਨਕਲੀ ਖਾਦ ਦੇ 18 ਨਮੂਨੇ ਇਕੱਠੇ ਕੀਤੇ ਹਨ। ਇਸ ਤੋਂ ਇਲਾਵਾ ਦੋ ਬੈਚ ਮਿਆਦ ਪੁੱਗੀ ਖਾਦ ਅਤੇ ਅੱਠ ਮਿਆਦ ਪੁੱਗੇ ਕੀਟਨਾਸ਼ਕ ਵੀ ਜ਼ਬਤ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਬੀਐਨਐਸ 2023, ਖਾਦ ਕੰਟਰੋਲ ਆਰਡਰ 1985, ਜ਼ਰੂਰੀ ਵਸਤੂਆਂ ਐਕਟ 1955 ਅਤੇ ਕੀਟਨਾਸ਼ਕ ਐਕਟ 1968 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਖਾਦ ਜਾਂ ਕੀਟਨਾਸ਼ਕ ਵਿਕਰੇਤਾ ਬਾਰੇ ਸ਼ੱਕ ਹੋਵੇ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾਧੜੀ ਅਤੇ ਨਕਲੀ ਖੇਤੀ ਉਤਪਾਦਾਂ ਦੀ ਵਿਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸਿਰਫ਼ ਇੱਕ ਛਾਪੇਮਾਰੀ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਪੂਰੀ ਸਪਲਾਈ ਚੇਨ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਨਕਲੀ ਅਤੇ ਮਿਆਦ ਪੁੱਗੇ ਖੇਤੀ ਉਤਪਾਦਾਂ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
