Wednesday, July 29Punjabi People

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਜਾਰੀ: 109ਵੇਂ ਦਿਨ ਪੰਜਾਬ ਪੁਲਿਸ ਦੀ 536 ਥਾਵਾਂ ’ਤੇ ਰੇਡ, 221 ਕਾਬੂ

ਚੰਡੀਗੜ੍ਹ, 9 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ ਗਏ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬਾ ਪੱਧਰ ’ਤੇ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ।

ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ, 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 41 ਲੋਕਾਂ ਨੂੰ ਪੁੱਛਗਿੱਛ ਮਗਰੋਂ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 434ਵੇਂ ਦਿਨ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ। ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸਿਰਫ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 63,232 ਹੋ ਗਈ ਹੈ। ਇਸ ਤੋਂ ਇਲਾਵਾ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਮੁਹਿੰਮ ਤਹਿਤ ਅੱਜ 8 ਵਿਅਕਤੀਆਂ ਨੂੰ ਇਲਾਜ ਲਈ ਰਾਜ਼ੀ ਕੀਤਾ ਗਿਆ।

Leave a Reply

Your email address will not be published. Required fields are marked *